ਪੰਜਾਬੀ ’ਵਰਸਿਟੀ ਵਿੱਚ ਵਾਤਾਵਰਨ ਤੇ ਸਿਨੇਮਾ ਉਤਸਵ ਸ਼ੁਰੂ
ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਜਨਵਰੀ
ਪੰਜਾਬੀ ਯੂਨੀਵਰਸਿਟੀ ਵਿਖੇ ਥੀਏਟਰ ਅਤੇ ਫ਼ਿਲਮ ਨਿਰਮਾਣ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਦਿਨਾ ਵਾਤਾਵਰਨ ਅਤੇ ਸਿਨੇਮਾ ਉਤਸਵ ਅੱਜ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਦੇ ਸਾਬਕਾ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਉਦਘਾਟਨੀ ਭਾਸ਼ਣ ’ਚ ਕਿਹਾ ਕਿ ਵਾਤਾਵਰਨ ਪ੍ਰਤੀ ਦੋਸਤਾਨਾ ਪਹੁੰਚ ਅਪਣਾਏ ਜਾਣ ਸਬੰਧੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮਕਸਦ ਲਈ ਚੰਗੀਆਂ ਫ਼ਿਲਮਾਂ ਦੇ ਨਿਰਮਾਣ ਦੀ ਲੋੜ ’ਤੇ ਜੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਚੰਗੇ ਥੀਮ ਵਾਲੀਆਂ ਫ਼ਿਲਮਾਂ ਬਣਾਉਣਾ ਵੀ ਵਿੱਤ ਪੱਖੋਂ ਜੋਖ਼ਮ ਵਾਲੀ ਗੱਲ ਨਹੀਂ ਰਹੀ ਕਿਉਂਕਿ ਪ੍ਰਚੱਲਤ ਓਟੀਟੀ ਦੇ ਮੰਚ ਉੱਤੇ ਹਰ ਤਰ੍ਹਾਂ ਦੀਆਂ ਫ਼ਿਲਮਾਂ ਦੇ ਦਰਸ਼ਕ ਮੌਜੂਦ ਹਨ। ਸਵਾਗਤੀ ਭਾਸ਼ਣ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਕਿਹਾ ਕਿ ਵਾਤਾਵਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਨੇਮਾ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਮਾਧਿਅਮ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ਪਾਲ ਵਿੱਗ ਨੇ ਵਾਤਾਵਰਨ ਪੱਖੀ ਵਿਕਾਸ ਮਾਡਲ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਤੋਂ ਕਾਰਜਕਾਰੀ ਨਿਰਦੇਸ਼ਕ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ 1950 ਦੇ ਦਹਾਕੇ ਦੀ ਤੁਲਨਾ ਵਿੱਚ ਹੁਣ ਪੰਜਾਬ ਦਾ ਜਲਵਾਯੂ ਬਹੁਤ ਬਦਲ ਗਿਆ ਹੈ। ਕੌਂਸਲ ਦੇ ਸੰਯੁਕਤ ਨਿਰਦੇਸ਼ਕ ਡਾ. ਕੇਐੱਸ ਬਾਠ ਨੇ ਕੌਂਸਲ ਦੀਆਂ ਗਤੀ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।