ਪੰਜਾਬ ਕਾਂਗਰਸ ਵੱਲੋਂ ਮੁਹਾਲੀ ਥਾਣੇ ਦੇ ਬਾਹਰ ਬਾਜਵਾ ਦੇ ਹੱਕ ’ਚ ਧਰਨਾ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਅਪਰੈਲ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਬੀਤੇ ਦਿਨੀਂ ਮੁਹਾਲੀ ਪੁਲੀਸ ਵੱਲੋਂ ਸਾਈਬਰ ਅਪਰਾਧ ਥਾਣਾ ਫੇਜ਼-7 ਵਿੱਚ ਦਰਜ ਕੀਤੇ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਅੱਜ ਸ੍ਰੀ ਬਾਜਵਾ ਦੇ ਹੱਕ ਵਿੱਚ ਮੁਹਾਲੀ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ। ਧਰਨੇ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਥਾਣੇ ਅੰਦਰ ਜਾਣ ਤੋਂ ਪਹਿਲਾਂ ਸ੍ਰੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸ੍ਰੀ ਅਰੋੜਾ ਨੂੰ ਕੁੱਝ ਵੀ ਬੋਲਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟੀ ਫੇਰ ਲੈਣੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਉਹ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ। ਇਸ ਮੌਕੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸ੍ਰੀ ਬਾਜਵਾ ਦੇ ਨਾਲ ਖੜ੍ਹੀ ਹੈ। ਸਰਕਾਰ ਦੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੀਡੀਆ ਦੀਆਂ ਖ਼ਬਰਾਂ ਦੇ ਹਵਾਲੇ ਨਾਲ ਬਾਜਵਾ ਨੇ ਜਿਹੜੇ ਬੰਬਾਂ ਦੀ ਗੱਲ ਕੀਤੀ ਸੀ, ਸਰਕਾਰ ਉਨ੍ਹਾਂ ਦਾ ਪਤਾ ਲਗਾਉਣ ਦੀ ਥਾਂ ਮੈਸੇਂਜਰ ਦੇ ਹੀ ਪਿੱਛੇ ਪੈ ਗਈ ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਕੀਤੀ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੋ ਜਾਣਕਾਰੀ ਅਖ਼ਬਾਰਾਂ ਵਿੱਚ ਛਪ ਚੁੱਕੀ ਹੈ, ਉਸ ਬਾਰੇ ਸੁਰਾਗ ਲਗਾਉਣ ਦੀ ਕੋਸ਼ਿਸ਼ ਹੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਖ਼ੁਫ਼ੀਆ ਤੰਤਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਸੂਬੇ ਵਿੱਚ ਲਗਾਤਾਰ ਬੰਬ ਸੁੱਟੇ ਜਾ ਰਹੇ ਹਨ ਅਤੇ ਵੱਡੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੇ ਸੂਬੇ ਵਿੱਚ ਵਾਪਰ ਰਹੀਆਂ ਘਟਨਾਵਾਂ ਦੇ ਹਵਾਲੇ ਨਾਲ ਜਾਣਕਾਰੀ ਸਾਂਝੀ ਕੀਤੀ ਹੈ, ਜੋ ਲੋਕਾਂ ਤੋਂ ਲੁਕੀ ਹੋਈ ਨਹੀਂ ਹੈ।
ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸਮਾਂ ਬਹੁਤ ਨੇੜੇ ਆ ਰਿਹਾ ਹੈ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਛੱਡ ਕੇ ਭੱਜਣ ਨੂੰ ਵੀ ਥਾਂ ਨਹੀਂ ਲੱਭੇਗੀ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਨਵਾਂ ਇਨਕਲਾਬ ਲਿਆਉਣ ਦਾ ਮਨ ਬਣਾ ਚੁੱਕੇ ਹਨ।
ਇਸ ਮੌਕੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਰਣਦੀਪ ਸਿੰਘ ਨਾਭਾ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਹੈਰੀ ਮਾਨ ਸਨੌਰ, ਬਿਕਰਮਜੀਤ ਸਿੰਘ ਬਾਜਵਾ, ਮੁਹਾਲੀ ਦੇ ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਬਿੱਲਾ ਆਦਿ ਮੌਜੂਦ ਸਨ।
ਮੁਹਾਲੀ ਵਿੱਚ ਸਾਢੇ ਪੰਜ ਘੰਟੇ ਚੱਲਿਆ ਕਾਂਗਰਸ ਦਾ ਧਰਨਾ
ਮੁਹਾਲੀ (ਕਰਮਜੀਤ ਸਿੰਘ ਚਿੱਲਾ): ਕਾਂਗਰਸ ਵੱਲੋਂ ਦੁਪਹਿਰ ਢਾਈ ਵਜੇ ਤੋਂ ਲਾਇਆ ਧਰਨਾ ਰਾਤ ਅੱਠ ਵਜੇ ਸਮਾਪਤ ਹੋਇਆ। ਪ੍ਰਤਾਪ ਸਿੰਘ ਬਾਜਵਾ ਨੇ ਥਾਣੇ ਵਿਚੋਂ ਬਾਹਰ ਆ ਕੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਉਨ੍ਹਾਂ ਦੇ ਹੱਕ ਵਿੱਚ ਖੜ੍ਹਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਿਤ ਲਈ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਤੋਂ ਪਹਿਲਾਂ ਲਗਤਾਰ ਸਾਢੇ ਪੰਜ ਘੰਟੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਦੀ ਸਮੁੱਚੀ ਸੂਬਾਈ ਇਸ ਧਰਨੇ ਵਿਚ ਮੌਜੂਦ ਰਹੀ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੱਕੇ ਤੌਰ ’ਤੇ ਧਰਨਾ ਲਾਉਣ ਲਈ ਇੱਥੇ ਸੜਕ ’ਤੇ ਸੌਣ ਲਈ ਗੱਦਿਆਂ ਅਤੇ ਹੋਰ ਪ੍ਰਬੰਧ ਕੀਤੇ ਹੋਏ ਸਨ। ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਅਮਨ ਕਾਨੂੰਨ ਬੁਰੀ ਤਰ੍ਹਾਂ ਲੜਖੜਾ ਗਈ ਹੈ ਅਤੇ ਸੂਬੇ ਦੇ ਮੰਤਰੀ ਤੇ ਵਿਧਾਇਕ ਸਕੂਲਾਂ ਵਿਚ ਪਖਾਨਿਆਂ ਦੇ ਉਦਘਾਟਨ ਕਰਨ ਵਿਚ ਮਸਰੂਫ਼ ਹਨ।