ਪੰਜਾਬ ’ਚ ਨਰਮੇ ਦੀ ਕਾਸ਼ਤ ਹੇਠ ਰਕਬਾ 20 ਫ਼ੀਸਦੀ ਵਧਿਆ
ਆਤਿਸ਼ ਗੁਪਤਾ
ਚੰਡੀਗੜ੍ਹ, 9 ਜੂਨ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਕਾਰਜਾਂ ਕਰਕੇ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਤਕਰੀਬਨ 20 ਫੀਸਦੀ ਵਾਧਾ ਦਰਜ ਕੀਤਾ ਗਿਆ। ਇਸ ਨਾਲ ਨਰਮੇ ਹੇਠਲਾ ਰਕਬਾ ਪਿਛਲੇ ਸਾਲ ਦੇ 2.49 ਲੱਖ ਏਕੜ ਤੋਂ ਵੱਧ ਕੇ ਇਸ ਸਾਲ 2.98 ਲੱਖ ਏਕੜ ਹੋ ਗਿਆ ਹੈ, ਜੋ 49,000 ਏਕੜ ਤੋਂ ਜ਼ਿਆਦਾ ਦਾ ਵਾਧਾ ਦਰਸਾਉਂਦਾ ਹੈ। ਖੇਤੀਬਾੜੀ ਮੰਤਰੀ ਨੇ ਅੱਜ ਕਿਸਾਨ ਭਵਨ ਵਿੱਚ ਚੱਲ ਰਹੇ ਸਾਉਣੀ ਸੀਜ਼ਨ ਅਤੇ ਵਿਭਾਗੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹਾ 60,121 ਹੈਕਟੇਅਰ ਰਕਬੇ ਨਾਲ ਨਰਮੇ ਦੀ ਕਾਸ਼ਤ ਵਿੱਚ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਮਾਨਸਾ ਵਿੱਚ 27,621 ਹੈਕਟੇਅਰ, ਬਠਿੰਡਾ ਵਿੱਚ 17,080 ਹੈਕਟੇਅਰ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ 13,240 ਹੈਕਟੇਅਰ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਰਮੇ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ ਪ੍ਰਦਾਨ ਕਰੇਗੀ, ਜਿਸ ਵਾਸਤੇ 49,000 ਤੋਂ ਵੱਧ ਕਿਸਾਨਾਂ ਨੇ ਪਹਿਲਾਂ ਹੀ ਆਨਲਾਈਨ ਰਜਿਸਟਰੇਸ਼ਨ ਕਰਵਾ ਲਈ ਹੈ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕਪਾਹ ਉਤਪਾਦਕਾਂ ਲਈ 15 ਜੂਨ ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਾਉਣੀ ਦੀ ਮੱਕੀ ਨੂੰ ਸੂਬੇ ਦੇ ਕਿਸਾਨਾਂ ਤੋਂ ਮਿਲੇ ਭਰਵੇਂ ਹੁੰਗਾਰੇ ’ਤੇ ਤਸੱਲੀ ਪ੍ਰਗਟਾਈ ਕੀਤੀ, ਪਹਿਲੀ ਜੂਨ ਤੋਂ ਬਿਜਾਈ ਸ਼ੁਰੂ ਹੋਣ ਤੋਂ ਹੁਣ ਤੱਕ ਮਹਿਜ਼ 9 ਦਿਨਾਂ ਵਿੱਚ 54,000 ਏਕੜ ਤੋਂ ਵੱਧ ਰਕਬੇ ਵਿੱਚ ਸਾਉਣੀ ਦੀ ਮੱਕੀ ਬੀਜੀ ਜਾ ਚੁੱਕੀ ਹੈ।