ਪੰਜਾਬ ਦੀਆਂ ਮੰਗਾਂ ਮੰਨਣ ਲਈ ਕੇਂਦਰ ਤਿਆਰ: ਬਿੱਟੂ
ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 10 ਜਨਵਰੀ
ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਸਥਿਤੀ ਚਿੰਤਾਜਨਕ ਹੈ। ਉਹ ਯੂਨੀਲੀਵਰ ਪ੍ਰਾਈਵੇਟ ਲਿਮਟਿਡ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ। ਇਸ ਦੌਰਾਨ ਬਿੱਟੂ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਦਾ ਹਿੱਸਾ ਹੋਣ ਕਰਕੇ ਕਿਸਾਨੀ ਮੁੱਦਿਆਂ ਦੇ ਹੱਲ ਲਈ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਨ ਪਰ ਕਿਸਾਨ ਜਥੇਬੰਦੀਆਂ ਇਸ ਲਈ ਰਾਜ਼ੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੋਈ ਮੰਗ ਹੋਵੇ ਤਾਂ ਕੇਂਦਰ ਸਰਕਾਰ ਉਸ ਨੂੰ ਪੂਰਾ ਕਰਨ ਲਈ ਤਿਆਰ ਹੈ। ਭਾਜਪਾ ਆਗੂ ਨੇ ਕਿਹਾ ਕਿ ਜੇ ਕਿਸਾਨ ਜਥੇਬੰਦੀਆਂ ਛੇ ਮਹੀਨੇ ਪਹਿਲਾਂ ਉਨ੍ਹਾਂ ਦੀ ਗੱਲ ਮੰਨ ਲੈਂਦੀਆਂ ਤਾਂ ਅੱਜ ਇਹ ਨੌਬਤ ਨਹੀਂ ਸੀ ਆਉਣੀ। ਡੱਲੇਵਾਲ ਦੇ ਮਰਨ ਵਰਤ ਬਾਰੇ ਉਨ੍ਹਾਂ ਕਿਹਾ ਕਿ ਕਿਸਾਨ ਆਗੂ ਦੀ ਮੰਗ ਕੇਵਲ ਪੰਜਾਬ ਲਈ ਨਹੀਂ ਹੈ, ਸਗੋਂ ਪੂਰੇ ਭਾਰਤ ਵਿੱਚ ਵੱਸਦੇ ਕਿਸਾਨਾਂ ਲਈ ਹੈ। ਸ੍ਰੀ ਬਿੱਟੂ ਨੇ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਕਿਸਾਨਾਂ ਨੇ ਕਿਹੜੀਆਂ ਫ਼ਸਲਾਂ ਦੀ ਕਾਸ਼ਤ ਕਰਨੀ ਹੈ ਅਤੇ ਕਿਹੜੀਆਂ ਫ਼ਸਲਾਂ ’ਤੇ ਐੱਮਐੱਸਪੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਮੁਲਕ ਵਿੱਚ ਕਈ ਫ਼ਸਲਾਂ ਬੀਜੀਆਂ ਜਾਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਆਉਣਾ ਚਾਹੀਦਾ ਹੈ।
ਪੰਜਾਬ ਵਿੱਚ ਟਮਾਟਰ ਦਾ ਉਤਪਾਦਨ ਵਧਾਉਣ ’ਤੇ ਜ਼ੋਰ
ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਰਾਜਪੁਰਾ ਸਥਿਤ ਹਿੰਦੁਸਤਾਨ ਯੂਨੀਲੀਵਰ ਪਲਾਂਟ ਦਾ ਦੌਰਾ ਕੀਤਾ। ਇਸ ਦੌਰਾਨ ਫੂਡ ਪ੍ਰੋਸੈਸਿੰਗ ਇੰਡਸਟਰੀਜ਼, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਅਤੇ ਹਿੰਦੁਸਤਾਨ ਯੂਨੀਲੀਵਰ ਲਿਮਟਿਡ ਵੱਲੋਂ ਪੰਜਾਬ ’ਚ ਟਮਾਟਰ ਉਤਪਾਦਨ ਅਤੇ ਟਮਾਟਰ ਤੋਂ ਪੇਸਟ ਨਿਰਮਾਣ ਨੂੰ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਰਵਨੀਤ ਬਿੱਟੂ ਨੇ ਪੰਜਾਬ ਦੇ ਕਿਸਾਨਾਂ ਨੂੰ ਅੰਤਰਰਾਸ਼ਟਰੀ ਮਿਆਰ ਦੇ ਟਮਾਟਰ ਉਗਾਉਣ ਅਤੇ ਬਾਅਦ ਵਿੱਚ ਟਮਾਟਰ ਪੇਸਟ ਦਾ ਉਤਪਾਦਨ ਕਰਨ ਦੇ ਯੋਗ ਬਣਾਉਣ ਲਈ ਇਨ੍ਹਾਂ ਹਿੱਸੇਦਾਰਾਂ ਵਿਚਕਾਰ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਹਿੰਦੁਸਤਾਨ ਯੂਨੀਲੀਵਰ ਪਲਾਂਟ ਨੂੰ ਕੈਚੱਪ ਉਤਪਾਦਨ ਲਈ ਸਾਲਾਨਾ 11,423 ਮੀਟ੍ਰਿਕ ਟਨ ਟਮਾਟਰ ਪੇਸਟ ਦੀ ਲੋੜ ਹੁੰਦੀ ਹੈ ਪਰ ਵਰਤਮਾਨ ਵਿੱਚ ਪੰਜਾਬ ਤੋਂ ਸਿਰਫ਼ 50 ਮੀਟ੍ਰਿਕ ਟਨ ਹੀ ਪ੍ਰਾਪਤ ਹੁੰਦਾ ਹੈ। ਰਵਨੀਤ ਬਿੱਟੂ ਨੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਇੱਕ ਹਾਈਬ੍ਰਿਡ ਟਮਾਟਰ ਬੀਜ ਵਿਕਸਤ ਕਰਨ ਦਾ ਸੁਝਾਅ ਦਿੱਤਾ ਜੋ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਦਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨ ਟਮਾਟਰ ਦੀ ਕਾਸ਼ਤ ਕਰ ਸਕਣ। ਉਨ੍ਹਾਂ ਦੱਸਿਆ ਕਿ ਅੱਜ ਕੰਪਨੀਆਂ ਪੂਰੇ ਭਾਰਤ ਤੋਂ ਪੇਸਟ ਖ਼ਰੀਦ ਰਹੀਆਂ ਹਨ, ਪੰਜਾਬ ਕੁੱਲ ਲੋੜ ਦਾ ਸਿਰਫ਼ 2 ਫ਼ੀਸਦੀ ਸਪਲਾਈ ਕਰਦਾ ਹੈ। ਜੇਕਰ ਕਿਸਾਨਾਂ ਨੂੰ ਵਾਜਬ ਕੀਮਤਾਂ ਦਾ ਭਰੋਸਾ ਦਿੱਤਾ ਜਾਂਦਾ ਹੈ ਤਾਂ ਉਹ ਪੰਜਾਬ ਵਿੱਚ ਟਮਾਟਰ ਕਿਉਂ ਨਹੀਂ ਪੈਦਾ ਕਰ ਸਕਦੇ। ਰਾਜ ਪਹਿਲਾਂ ਹੀ ਭਾਰਤ ਵਿੱਚ ਸਭ ਤੋਂ ਵਧੀਆ ਰੰਗ ਗੁਣਵੱਤਾ ਵਾਲੇ ਟਮਾਟਰ ਪੈਦਾ ਕਰਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸ.ਐੱਸ.ਪੀ. ਡਾ. ਨਾਨਕ ਸਿੰਘ, ਡਿਪਟੀ ਐਗਰੀਕਲਚਰਲ ਮਾਰਕੀਟਿੰਗ ਡਾ. ਜੇ.ਪੀ. ਡੋਗਰੇ ਤੇ ਦੇਬ ਨਾਥ ਗੁਹਾ ਆਦਿ ਹਾਜ਼ਰ ਸਨ।