ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਸਾਜ਼ਿਸ਼ ਰਚ ਰਿਹੈ ਪੰਨੂ: ‘ਆਪ’
ਸ਼ਗਨ ਕਟਾਰੀਆ
ਬਠਿੰਡਾ, 13 ਅਪਰੈਲ
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਦੇਸ਼ ਵੱਸਦੇ ਖਾਲਿਸਤਾਨੀ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਖ਼ਿਲਾਫ਼ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਅੱਜ ਇੱਥੇ ਸਰਕਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ‘ਆਪ’ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ, (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਰਾਕੇਸ਼ ਪੁਰੀ ਨੇ ਆਖਿਆ ਕਿ ਗੁਰਪਤਵੰਤ ਪੰਨੂ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਸਾਜ਼ਿਸ਼ ਰਚ ਰਿਹਾ ਹੈ, ਜਿਸ ਤਹਿਤ ਉਸ ਨੇ ਡਾ. ਅੰਬੇਡਕਰ ਖਿਲਾਫ ਇਤਰਾਜ਼ਯੋਗ ਟਿੱਪਣੀਆਂ ਹੀ ਨਹੀਂ ਕੀਤੀਆਂ, ਸਗੋਂ ਉਨ੍ਹਾਂ ਦੇ ਜਨਮ ਦਿਨ ਮੌਕੇ ਸੋਮਵਾਰ ਨੂੰ ਬੁੱਤ ਤੋੜਨ ਦੀ ਧਮਕੀ ਵੀ ਦਿੱਤੀ ਹੈ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅੰਦਰ ਅਜਿਹਾ ਨਹੀਂ ਹੋਣ ਦੇਵੇਗੀ ਅਤੇ ਪਾਰਟੀ ਦੇ ਆਗੂ ਤੇ ਵਾਲੰਟੀਅਰ ਪੂਰੇ ਸੂਬੇ ਵਿੱਚ ਡਾ. ਅੰਬੇਡਕਰ ਦੇ ਬੁੱਤਾਂ ਦੀ ਰਾਖੀ ਕਰਨਗੇ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਪਾਰਟੀ ਵੱਲੋਂ ਡਾ. ਅੰਬੇਡਕਰ ਦਾ ਜਨਮ ਦਿਨ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਡਾ. ਭੀਮ ਅੰਬੇਡਕਰ ਸਾਡੇ ਸਭ ਦੇ ਪ੍ਰੇਰਨਾ ਸਰੋਤ ਹਨ, ਇਸ ਲਈ ਪੰਨੂ ਵੱਲੋਂ ਵਰਤੀ ਜਾ ਰਹੀ ਸ਼ਬਦਾਵਲੀ ਦਾ ਢੁੱਕਵਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਨੂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਅੰਦਰ ਹੁਣ ਰਵਾਇਤੀ ਪਾਰਟੀਆਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ।