ਪੰਜਾਬ ਦੇ ਆਗੂਆਂ ਨੇ ਰਾਜਧਾਨੀ ’ਚ ਪ੍ਰਚਾਰ ਭਖਾਇਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਜਨਵਰੀ
ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਆਗੂਆਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਦੁਰਗੇਸ਼ ਪਾਠਕ ਜੋ ਆਮ ਆਦਮੀ ਪਾਰਟੀ ਦੇ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਹਨ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਯੂਥ ਆਗੂਆਂ ਅਮੀਤ ਸਿੰਘ ਟੀਮਾ ਅਤੇ ਹੋਰ ਸਾਥੀਆਂ ਵੱਲੋਂ ਰਾਜਿੰਦਰ ਪਲੇਸ ਦੇ ਵੱਖ ਵੱਖ ਖੇਤਰਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਭਾਜਪਾ ਦੀ ਆਲੋਚਨਾ ਕੀਤੀ ਜਾ ਰਹੀ ਹੈ।
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਚੋਣ ਪ੍ਰਚਾਰ ਕਰਦਿਆਂ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਦਿੱਲੀ ਵਿੱਚ ਪਿਛਲੇ 10 ਸਾਲਾਂ ਵਿੱਚ ਵੀ ‘ਆਪ’ ਸਰਕਾਰ ਨੇ ਆਪਣਾ ਪ੍ਰਚਾਰ ਕਰਨ ਤੇ ਜਨਤਾ ਦਾ ਪੈਸਾ ਲੁੱਟਣ ਤੋਂ ਬਗੈਰ ਕੁਝ ਵੀ ਨਹੀਂ ਕੀਤਾ। ਦਿੱਲੀ ਦੇ ਲੋਕ ਅੱਜ ਵੀ ਆਪਣੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਜਦਕਿ ‘ਆਪ’ ਸਰਕਾਰ ਨੇ ਆਮ ਲੋਕਾਂ ਲਈ ਕੰਮ ਕਰਨ ਦੀ ਬਜਾਏ ਆਪਣੇ ਸ਼ੀਸ਼ ਮਹਿਲ ਬਣਾਉਣ ਨੂੰ ਪਹਿਲ ਦਿੱਤੀ ਹੈ। ਉਧਰ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੋਣ ਕਮਿਸ਼ਨ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਮੁੱਖ ਮੰਤਰੀ ਦੇ ਕਪੂਰਥਲਾ ਹਾਊਸ ਨਵੀਂ ਦਿੱਲੀ ਆਉਣ-ਜਾਣ ਵਾਲੇ ਸਰਕਾਰੀ ਵਾਹਨਾਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਪੰਜਾਬ ਪੁਲੀਸ ਦੀ ਦੁਰਵਰਤੋਂ ਕਰ ਰਹੀ ਹੈ। ਇਸੇ ਤਰ੍ਹਾਂ ਕਾਂਗਰਸ ਦੇ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਦੋਸ਼ ਲਾਇਆ ਕਿ ਚੋਣਾਂ ਦੌਰਾਨ ਇਨ੍ਹਾਂ ਗੱਡੀਆਂ ਵਿੱਚ ਪੰਜਾਬ ਤੋਂ ਨਕਦੀ ਲਿਆਂਦੀ ਜਾਂਦੀ ਹੈ।