ਪੰਜਾਬ ਸਰਕਾਰ ਕਰੇਗੀ 200 ਮਨੋਵਿਗਿਆਨੀਆਂ ਦੀ ਭਰਤੀ
ਆਤਿਸ਼ ਗੁਪਤਾ
ਚੰਡੀਗੜ੍ਹ, 9 ਜੂਨ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿੱਚੋਂ ਬਾਹਰ ਕੱਢਣ ਲਈ 200 ਮਨੋਵਿਗਿਆਨੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਲਈ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਹੋਈ ਕੈਬਨਿਟ ਸਬ-ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਮੀਟਿੰਗ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੌਂਦ ’ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਨੇ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਕੇ ਨਸ਼ਾ ਛੁਡਾਊ ਸੇਵਾਵਾਂ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਬਾਰੇ ਚਰਚਾ ਕੀਤੀ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਦਿੱਤਾ ਹੈ, ਜਿਸ ਨਾਲ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਲਈ ਅਸਥਾਈ ਆਧਾਰ ’ਤੇ 200 ਮਨੋਵਿਗਿਆਨੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਮਗਰੋਂ ਸਿਹਤ ਵਿਭਾਗ ਵੱਲੋਂ ਰੈਗੂਲਰ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿੱਜੀ ਮਨੋਰੋਗ ਡਾਕਟਰਾਂ ਨੂੰ ਤਾਇਨਾਤ ਕੀਤਾ ਜਾਵੇਗਾ ਜਿਨ੍ਹਾਂ ਵੱਲੋਂ ਰੋਜ਼ਾਨਾਂ ਦੋ ਘੰਟੇ ਨਸ਼ਾ ਛੱਡਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਇਸ ਲਈ ਸੂਬਾ ਸਰਕਾਰ ਵੱਲੋਂ ਡਾਕਟਰਾਂ ਨੂੰ ਦੋ ਘੰਟੇ ਲਈ 3000 ਰੁਪਏ ਦਿੱਤੇ ਜਾਣਗੇ। ਇਸ ਦੌਰਾਨ ਡਾਕਟਰ ਨੂੰ 1500 ਰੁਪਏ ਪ੍ਰਤੀ ਘੰਟਾ ਦੀ ਦਰ ਨਾਲ ਭੁਗਤਾਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਸਾਰੇ ਲੋੜੀਂਦੇ ਸਿਹਤ ਸੰਭਾਲ ਸਟਾਫ ਦੀ ਭਰਤੀ ਲਈ ਇੱਕ ਹਫ਼ਤੇ ਦੇ ਅੰਦਰ ਵਿਆਪਕ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ 1000 ਬਿਸਤਰਿਆਂ ਦਾ ਵਾਧਾ ਕੀਤਾ ਜਾਵੇਗਾ। ਜੇਕਰ ਸਰਕਾਰੀ ਕੇਂਦਰਾਂ ਦੀ ਸਮਰੱਥਾ ਪੂਰੀ ਤਰ੍ਹਾਂ ਵਰਤੀ ਜਾਂਦੀ ਹੈ, ਤਾਂ ਨਿੱਜੀ ਨਰਸਿੰਗ ਸੰਸਥਾਵਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦੇ 1000 ਬੈਡਾਂ ਦੀ ਵਰਤੋਂ ਕੀਤੀ ਜਾਵੇਗੀ।
ਇਸ ਦਾ ਭੁਗਤਾਨ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੈਨ ਤੋੜ ਦਿੱਤੀ ਗਈ ਹੈ ਅਤੇ ਹੁਣ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਬਾਹਰ ਕੱਢਿਆ ਜਾਵੇਗਾ।
ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਨ ਅੰਦੋਲਨ ਵਿੱਚ ਬਦਲ ਗਈ ਹੈ, ਜਿਸ ਵਿੱਚ ਨਾਗਰਿਕ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਪ੍ਰਦਾਨ ਕਰ ਰਹੇ ਹਨ ਅਤੇ ਨਸ਼ਾ ਪੀੜਤ ਇਲਾਜ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੇ ਜੜ੍ਹ ਫੜੀ ਅਤੇ ਨੌਜਵਾਨਾਂ ਨੂੰ ਆਪਣੀ ਨਿਸ਼ਾਨਾ ਬਣਾਇਆ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸਮੁਹਿੰਮ ਦਾ ਸਮਰਥਨ ਕਰਨ, ਨਾ ਕਿ ਸੌੜੀ ਰਾਜਨੀਤੀ ਤਹਿਤ ਜਨਤਕ ਭਲਾਈ ਨੂੰ ਨਜ਼ਰਅੰਦਾਜ਼ ਕਰਦਿਆਂ ਗੁਮਰਾਹਕੁਨ ਬਿਆਨ ਦਿੰਦਿਆਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ।