ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਅੱਜ ਸ਼ਾਮ ਲਹਿਰਾਗਾਗਾ ਦੀ ਅਨਾਜ ਮੰਡੀ ਵਿੱਚ ਆੜਤੀਆਂ ਰਾਮ ਕਿਸ਼ਨ ਦਾਸ ਬੱਲਾ ਰਾਮ ਦੀ ਦੁਕਾਨ ’ਤੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ’ਤੇ ਹੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਫ਼ਸਲ ਦੀ ਖਰੀਦ ਕੀਤੀ ਗਈ। ਇਸ ਮੌਕੇ ਚੇਅਰਮੈਨ ਸ਼ੀਸ਼ ਪਾਲ ਅਨੰਦ, ਓਐੱਸਡੀ ਰਾਕੇਸ਼ ਗੁਪਤਾ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਜੀਵਨ ਰੱਬੜ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਗਾਗਾ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।