ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਵਚਨਵੱਧ: ਜਗਰੂਪ ਸਿੰਘ ਗਿੱਲ
ਮਨੋਜ ਸ਼ਰਮਾ
ਬਠਿੰਡਾ, 14 ਅਪਰੈਲ
ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਦਾਣਾ ਮੰਡੀ ਵਿਚ ਜ਼ਿਲ੍ਹੇ ਦੇ ਪਿੰਡ ਗੁਲਾਬਗੜ੍ਹ ਦੇ ਕਿਸਾਨ ਹਰਮੰਦਰ ਸਿੰਘ ਦੀ ਕਣਕ ਦੀ ਢੇਰੀ ਖਰੀਦ ਕੇ ਕਣਕ ਦੀ ਖਰੀਦ ਸ਼ੁਰੂ ਕਰਵਾਈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਵੱਧ ਹੈ। ਕਿਸਾਨਾਂ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਖੇਤੀ ਹੈ। ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਖਰੀਦ ਕੀਤੀ ਕਣਕ ਦੀ ਅਦਾਇਗੀ ਤੈਅ ਸਮੇਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦੀ ਕਟਾਈ ਪੂਰੀ ਤਰ੍ਹਾਂ ਸੁੱਕਣ ਉਪਰੰਤ ਹੀ ਕਰਵਾਈ ਜਾਵੇ ਤਾਂ ਜੋ ਫ਼ਸਲ ਵੇਚਣ ਲਈ ਮੰਡੀ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ ਅਤੇ ਪੰਜਾਬ ਖਾਦੀ ਤੇ ਵਿਲੇਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਤੇ ਚੇਅਰਮੈਨ ਮਾਰਕੀਟ ਕਮੇਟੀ ਬੱਲੀ ਬਲਜੀਤ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ 182 ਮੰਡੀਆਂ ਵਿੱਚ ਕਿਸਾਨਾਂ ਲਈ ਛਾਂ, ਬਿਜਲੀ, ਪੀਣ ਵਾਲਾ ਪਾਣੀ ਤੋਂ ਇਲਾਵਾ ਹੋਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿੱਥੇ ਵੀ ਮੰਡੀ ਵਿਚ ਕੋਈ ਇੱਕਾ-ਦੁੱਕਾ ਕਮੀ ਹੈ, ਉਸ ਨੂੰ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀ, ਕੌਸਲਰ ਸੁਖਦੀਪ ਗਿੱਲ ਢਿੱਲੋਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨ, ਆੜ੍ਹਤੀਏ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।