ਪੰਜ ਮੈਂਬਰੀ ਕਮੇਟੀ ਨੂੰ ਗੈ਼ਰਕਾਨੂੰਨੀ ਕਹਿਣ ’ਤੇ ਰੋਸ ਪ੍ਰਗਟਾਇਆ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਤਿਸਰ, 6 ਮਾਰਚ
ਪਿੰਡ ਭੂਰਾ ਕੋਹਨਾ ਵਿੱਚ ਸਮਾਗਮ ਦੌਰਾਨ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੂੰ ਗੈਰਕਾਨੂੰਨੀ ਕਹੇ ਜਾਣ ’ਤੇ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਮੇਟੀ ਕਾਨੂੰਨੀ ਕਮੇਟੀ ਹੈ ਅਤੇ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਗ਼ੈਰਕਾਨੂੰਨੀ ਹੋ ਗਈ ਹੈ। ਉਨ੍ਹਾਂ ਸਿੱਖ ਸੰਸਥਾਵਾਂ, ਜਥੇਬੰਦੀਆਂ, ਸਭਾ ਸੁਸਾਇਟੀਆਂ ਨੂੰ ਇਸ ਪੰਜ ਮੈਂਬਰੀ ਕਮੇਟੀ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਅਤੇ ਵੱਧ ਤੋਂ ਵੱਧ ਭਰਤੀ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਪਈ ਤਾਂ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਈ ਗਈ ਜਥੇਬੰਦੀ ਦੀ ਰਜਿਸਟਰੇਸ਼ਨ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਆਦੇਸ਼ ਮੁਤਾਬਕ ਬਣਾਈ ਜਥੇਬੰਦੀ ਅਸਲ ਸ਼੍ਰੋਮਣੀ ਅਕਾਲੀ ਦਲ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਸਮਾਂ ਆਵੇਗਾ ਜਦੋਂ ਪੰਥ ਵਿਰੁੱਧ ਚੱਲਣ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਿਆ ਜਾਵੇਗਾ। ਸਾਬਕਾ ਜਥੇਦਾਰ ਨੇ ਅੱਜ ਦੀ ਮੌਜੂਦਾ ਸਥਿਤੀ ਦੀ ਤੁਲਨਾ ਜੂਨ 1984 ਵਿੱਚ ਅਕਾਲ ਤਖ਼ਤ ’ਤੇ ਕੀਤੇ ਹਮਲੇ ਨਾਲ ਕਰਦਿਆਂ ਕਿਹਾ ਕਿ ਉਸ ਵੇਲੇ ਹਮਲਾਵਰਾਂ ਨੇ ਅਕਾਲ ਤਖ਼ਤ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਸੀ ਅਤੇ ਅੱਜ ਇਸ ਦੇ ਸਿਧਾਂਤ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ।