ਫਫੜੇ ਭਾਈਕੇ ’ਚ ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ
ਜੋਗਿੰਦਰ ਸਿੰਘ ਮਾਨ
ਮਾਨਸਾ, 2 ਫਰਵਰੀ
ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਚ ਕਰਵਾਇਆ ਗਿਆ।
ਟੂਰਨਾਮੈਂਟ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਹੁਨਰ ਨੂੰ ਪਛਾਣ ਦੇਣ ਲਈ ਨਹਿਰੂ ਯੁਵਾ ਕੇਂਦਰ ਦਾ ਇਹ ਪ੍ਰੋਗਰਾਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।
ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਪੋਰਟਸ ਟੂਰਨਾਮੈਂਟ ਵਿਚ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਭਾਰਤ ਸਰਕਾਰ ਵੱਲੋਂ 6 ਸਪੋਰਟਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਫੁਟਬਾਲ, ਬੈਡਮਿੰਟਨ, ਰੱਸਾਕਸ਼ੀ, ਲੰਬੀ ਛਾਲ, ਦੌੜ 400 ਮੀਟਰ (ਲੜਕੀਆਂ), ਦੌੜ 1600 ਮੀਟਰ (ਲੜਕੇ) ਮੁਕਾਬਲੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ 15 ਤੋਂ 29 ਸਾਲਾਂ ਦੇ ਨੌਜਵਾਨਾਂ ਨੇ ਭਾਗ ਲਿਆ।
ਇਸੇ ਦੌਰਾਨ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਪਿੰਡ ਕੁਲੈਹਰੀ ਦੇ ਕਲੱਬ ਪ੍ਰਧਾਨ ਨਿਰਭੈ ਸਿੰਘ ਨੇ ਨਸ਼ਿਆਂ ਦੇ ਦੁਰ-ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ।
ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਦੱਸਿਆ ਕਿ ਫੁਟਬਾਲ ਵਿੱਚ ਕਲੱਬ ਅਤਲਾ ਕਲਾਂ ਨੇ ਪਹਿਲਾ, ਭਾਈ ਬਹਿਲੋ ਪਬਲਿਕ ਸਕੂਲ ਫਫੜੇ ਨੇ ਦੂਜਾ ਅਤੇ ਪਿੰਡ ਕੋਟਧਰਮੂ ਨੇ ਤੀਜਾ ਸਥਾਨ ਹਾਸਲ ਕੀਤਾ। ਰੱਸਾਕਸ਼ੀ (ਕੁ) ਵਿੱਚ ਭਾਈ ਬਹਿਲੋ ਪਬਲਿਕ ਫਫੜੇ ਸਕੂਲ ਦੀਆਂ ਵਿਦਿਆਰਥਣਾ ਨੇ ਪਹਿਲਾ, ਭੀਖੀ ਨੇ ਦੂਸਰਾ ਅਤੇ ਕੋਟਧਰਮੂ ਨੇ ਤੀਸਰਾ ਸਥਾਨ ਹਾਸਲ ਕੀਤਾ। ਬੈਡਮਿੰਟਨ ਵਿੱਚ ਜਸਨਪ੍ਰੀਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਲੜਕੀਆਂ ਦੇ 400 ਮੀਟਰ ਦੌੜ ਮੁਕਾਬਲਿਆਂ ਵਿੱਚ ਮਹਿਕਪ੍ਰੀਤ ਕੌਰ ਨੇ ਪਹਿਲਾ, ਹਰਮੰਦਰਪਾਲ ਕੌਰ ਨੇ ਦੂਸਰਾ ਅਤੇ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।