ਫਲਾਈਓਵਰ ’ਤੇ ਚੱਲਦੀ ਕਾਰ ਨੂੰ ਅੱਗ ਲੱਗੀ
ਹਰਜੀਤ ਸਿੰਘ
ਡੇਰਾਬੱਸੀ, 2 ਫਰਵਰੀ
ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ’ਤੇ ਸਥਿਤ ਰੇਲਵੇ ਫਲਾਈਓਵਰ ’ਤੇ ਅਚਾਨਕ ਇਕ ਚਲਦੀ ਕਾਰ ਨੂੰ ਅੱਗ ਲੱਗ ਗਈ। ਕਾਰ ਵਿੱਚ ਸਵਾਰ ਅੱਗ ਭੜਕਣ ਤੋਂ ਪਹਿਲਾਂ ਹੀ ਸੁਰੱਖਿਅਤ ਬਾਹਰ ਨਿਕਲ ਗਏ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਕਾਰ ਪੂਰੀ ਤਰਾਂ ਸੜ ਕੇ ਸੁਆਹ ਹੋ ਗਈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਵਾਸੀ ਐੱਸਬੀਪੀ ਡੇਰਾਬੱਸੀ ਚੰਡੀਗੜ੍ਹ ਤੋਂ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਜਦ ਉਹ ਰੇਲਵੇ ਓਵਰਬ੍ਰਿਜ਼ ’ਤੇ ਪਹੁੰਚੇ ਤਾਂ ਅਚਾਨਕ ਉਸ ਦੀ ਕਾਰ ਨੂੰ ਅੱਗ ਲੱਗ ਗਈ। ਅੱਗ ਦੇ ਬੌਨਟ ਵਿੱਚ ਧੂੰਆਂ ਨਿਕਲਦਾ ਦੇਖ ਚਾਲਕ ਸਮੇਂ ਰਹਿੰਦੇ ਹੀ ਸੁਰੱਖਿਅਤ ਬਾਹਰ ਨਿਕਲ ਗਿਆ। ਅੱਗ ਭੜਕ ਗਈ ਅਤੇ ਮਿੰਟਾਂ ਵਿੱਚ ਹੀ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਰਾਹਗੀਰਾਂ ਨੇ ਕਾਫੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਰਾਹਗੀਰਾਂ ਨੇ ਅੱਗ ’ਤੇ ਕਾਬੂ ਪਾ ਲਿਆ।