ਫਿਰੋਜ਼ਪੁਰ ਕਿਸਾਨ ਮਜ਼ਦੂਰ ਮਹਾਪੰਚਾਇਤ ਲਈ ਕਿਸਾਨਾਂ ਦੀ ਲਾਮਬੰਦੀ
ਪੱਤਰ ਪ੍ਰੇਰਕ
ਭਗਤਾ ਭਾਈ, 2 ਫ਼ਰਵਰੀ
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਵੱਲੋਂ 11 ਫਰਵਰੀ ਨੂੰ ਐੱਸਐੱਸਪੀ ਦਫ਼ਤਰ ਫਿਰੋਜ਼ਪੁਰ ਅੱਗੇ ਕੀਤੀ ਜਾ ਰਹੀ ਮਹਾਂਪੰਚਾਇਤ ਦੀ ਲਾਮਬੰਦੀ ਲਈ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਪਿੰਡ ਕੋਠਾ ਗੁਰੂ ਵਿੱਚ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਰਾਮਪੁਰਾ ਤੇ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ ਨੇ ਕਿਹਾ ਕਿ 5 ਜਨਵਰੀ 2022 ਨੂੰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਕਰਨ ਆਏ ਸਨ ਤਾਂ ਰੈਲੀ 'ਚ ਇਕੱਠ ਘੱਟ ਹੋਣ ਕਰ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਥਿਤ ਚਾਲ ਤਹਿਤ ਵਾਪਸ ਮੁੜ ਗਏ ਸਨ ਤੇ ਉਨ੍ਹਾਂ ਨੇ ਕਿਸਾਨਾਂ ’ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਸਨ ਜਦਕਿ ਕਿਸਾਨ ਪ੍ਰਧਾਨ ਮੰਤਰੀ ਦੇ ਕਾਫ਼ਲੇ ਤੋਂ ਡੇਢ ਕਿਲੋਮੀਟਰ ਦੂਰ ਸਨ। ਉਨ੍ਹਾਂ ਕਿਹਾ ਕਿ ਸਮੇਂ ਦੇ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ’ਤੇ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਹੁਣ ਭਗਵੰਤ ਮਾਨ ਸਰਕਾਰ ਨੇ ਇਸ ਮਾਮਲੇ ’ਚ ਬੀਕੇਯੂ (ਕ੍ਰਾਂਤੀਕਾਰੀ) ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ’ਤੇ ਇਰਾਦਾ ਕਤਲ ਸਮੇਤ ਹੋਰ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਜਿਸ ਨਾਲ ਭਗਵੰਤ ਮਾਨ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਜਵਾਬ ਦੇਣ ਲਈ ਜਥੇਬੰਦੀ ਵੱਲੋਂ ਫਿਰੋਜ਼ਪੁਰ ਵਿਚ ਕੀਤੀ ਜਾ ਰਹੀ ਕਿਸਾਨ ਮਜ਼ਦੂਰ ਮਹਾਪੰਚਾਇਤ ਕੀਤੀ ਜਾ ਰਹੀ ਹੈ ਜਿਸ ’ਚ ਸੂਬੇ ਭਰ ’ਚੋਂ ਕਿਸਾਨ ਤੇ ਮਜ਼ਦੂਰ ਬੱਸਾਂ ਭਰਕੇ ਹਜ਼ਾਰਾਂ ਦੀ ਗਿਣਤੀ 'ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਕੁਲਜਿੰਦਰ ਜੰਡਾਂਵਾਲਾ, ਕਰਮਜੀਤ ਜੇਈ ਭਗਤਾ, ਗੋਰਾ ਡਿਖ਼, ਦਰਸ਼ਨ ਢਿੱਲੋਂ ਫੂਲ਼, ਬੂਟਾ ਬਾਜਵਾ ਕੋਠਾਗੁਰੂ, ਸੁਖਮੰਦਰ ਗੁਰੂਸਰ, ਤੇਜਾ ਸਿੰਘ ਤੇ ਹਰਬੰਸ ਕੋਠਾ ਗੁਰੂ ਹਾਜ਼ਰ ਸਨ।