ਬਜਟ ਸਰਮਾਏਦਾਰਾਂ ਪੱਖੀ: ਕਟਾਰੂਚੱਕ
ਪੱਤਰ ਪ੍ਰੇਰਕ
ਪਠਾਨਕੋਟ, 2 ਫਰਵਰੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਆਮ ਲੋਕਾਂ ਦੇ ਨਹੀਂ, ਸਗੋਂ ਸਰਮਾਏਦਾਰ ਪੱਖੀ ਬਜਟ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਅਣਦੇਖਾ ਕਰਨ ਨਾਲ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਇੱਥੋਂ ਤੱਕ ਕਿ ਪੰਜਾਬ ਦੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜ ਜ਼ਿਲ੍ਹਿਆਂ ਦੇ ਵਿਕਾਸ ਲਈ ਵੀ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਨਜ਼ਰਅੰਦਾਜ਼ ਕਰਦਿਆਂ ਖਾਲੀ ਹੱਥ ਹੀ ਦਿਖਾਏ ਹਨ। ਪੰਜਾਬ ਦੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਸੜਕਾਂ ਤੇ ਖੱਜਲ-ਖੁਆਰ ਹੋ ਰਹੇ ਹਨ ਅਤੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਨੇ ਫਸਲਾਂ ’ਤੇ ਐੱਮਐੱਸਪੀ ਤੱਕ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਪ੍ਰੀ-ਬਜਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਖੇਤੀਬਾੜੀ ਖੇਤਰ ਨਾਲ ਸਬੰਧਤ ਕਈ ਅਹਿਮ ਮੁੱਦੇ ਚੁੱਕੇ ਸਨ। ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ, ਖੇਤੀਬਾੜੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ, ਖੇਤੀ ਲਈ ਵਿਸ਼ੇਸ਼ ਪੈਕੇਜ ਵਰਗੇ ਮੁੱਦਿਆਂ ’ਤੇ ਧਿਆਨ ਨਹੀਂ ਦਿੱਤਾ ਗਿਆ। ਇੱਥੋਂ ਤੱਕ ਕਿ ਜਦੋਂ ਕੇਂਦਰ ਨੇ ਕਿਸਾਨਾਂ ਦੀਆਂ ਕਰਜ਼ਾ ਸੀਮਾਵਾਂ ਵਧਾਉਣ ਦੀ ਗੱਲ ਕੀਤੀ ਤਾਂ ਉਨ੍ਹਾਂ ਦੀ ਆਮਦਨ ਵਧਾਉਣ ਲਈ ਕੋਈ ਉਪਾਅ ਪ੍ਰਸਤਾਵਿਤ ਵੀ ਨਹੀਂ ਕੀਤਾ। ਕੇਂਦਰ ਨੇ ਪੰਜਾਬ ਨੂੰ ਕੋਈ ਨਵੀਂ ਰੇਲਵੇ ਸਹੂਲਤ ਵੀ ਨਹੀਂ ਦਿੱਤੀ।