ਬਾਜਵਾ ਖ਼ਿਲਾਫ਼ ਐੱਫ਼ਆਈਆਰ ਰਾਜਨੀਤੀ ਤੋਂ ਪ੍ਰੇਰਿਤ: ਚੰਦੂਮਾਜਰਾ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 15 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮੁਹਾਲੀ ਪੁਲੀਸ ਵੱਲੋਂ ਦਰਜ ਕੀਤੀ ਗਈ ਐੱਫ਼ਆਈਆਰ ਦੀ ਨਿਖੇਧੀ ਕਰਦਿਆਂ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਅੱਜ ਇੱਥੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਵੱਲੋਂ ਪੰਜਾਬ ਸਰਕਾਰ ਦੀਆਂ ਕਮਜ਼ੋਰੀਆਂ ਅਤੇ ਨਲਾਇਕੀਆਂ ਨੂੰ ਉਜਾਗਰ ਕੀਤਾ ਗਿਆ ਹੈ, ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ। ਹਰੇਕ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਅਧਿਕਾਰ ਹੈ ਪਰ ਸਰਕਾਰ ਵਿਰੋਧੀਆਂ ਦੀ ਸੰਘੀ ਘੁੱਟਣ ਦੇ ਰਾਹ ਪੈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਕਤਲੋਗਾਰਦ ਦੀਆਂ ਘਟਨਾਵਾਂ ਨੇ ਸੂਬੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਆਏ ਦਿਨ ਹੈਂਡ ਗ੍ਰਨੇਡ ਸੁੱਟੇ ਜਾ ਰਹੇ ਹਨ ਅਤੇ ਵੱਡੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਉਣ ਵਾਲੇ ਲੋਕਾਂ ਵਿਰੁੱਧ ਝੂਠੇ ਪਰਚੇ ਦਰਜ ਕਰਕੇ ਉਲਟਾ ਸਰਕਾਰ ਲੋਕਾਂ ਦੇ ਨੁਮਾਇੰਦਿਆਂ ਦੀ ਜ਼ੁਬਾਨ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ’ਤੇ ਪਰਚੇ ਦਰਜ ਕਰਨ ਦੀ ਥਾਂ ਪੰਜਾਬ ਵਿੱਚ ਫੈਲ ਰਹੀ ਅਰਾਜਕਤਾ ’ਤੇ ਚਿੰਤਾ ਕਰਨ।