ਬਾਜਵਾ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਰੋਸ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਜਸਬੀਰ ਸਿੰਘ ਸ਼ੇਤਰਾ
ਮੁੱਲਾਂਪੁਰ ਦਾਖਾ, 14 ਅਪਰੈਲ
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਅਗਾਵਈ ਹੇਠ ਪਾਰਟੀ ਆਗੂਆਂ ਤੇ ਵਰਵਰਾਂ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਬਾਜਵਾ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਹੈ। ਸ੍ਰੀ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਕਰਨ ਵਿੱਚ ਨਾਕਾਮ ਸਾਬਤ ਹੋਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ। ਇਕ ਪਾਸੇ ਪੰਜਾਬ ਅੰਦਰ 55 ਗਰਨੇਡ ਆਉਣ ਦੀ ਖ਼ਬਰ ਨਸ਼ਰ ਕਰਨ ਵਾਲੇ ਅਖ਼ਬਾਰ, ਪੱਤਰਕਾਰ ਤੇ ਸੰਪਾਦਕ ਤੋਂ ਕੋਈ ਪੁੱਛਗਿੱਛ ਤੇ ਕਾਰਵਾਈ ਨਹੀਂ ਅਤੇ ਦੂਜੇ ਪਾਸੇ ਪੰਜਾਬ ਅੰਦਰ ਗਰਨੇਡ ਆਉਣ ਦਾ ਇਕ ਇੰਟਰਵਿਊ ਸਮੇਂ ਬਿਆਨ ਦੇਣ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ।
ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਨੇ ਇਥੇ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਜਾਰੀ ਕੀਤੀ। ਮੁਜ਼ਾਹਰਾ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਤੋਂ ਇਲਾਵਾ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਹਲਕਾ ਰਾਏਕੋਟ ਇੰਚਾਰਜ ਕਾਮਲ ਬੋਪਾਰਾਏ, ਬਿਕਰਮ ਸਿੰਘ ਬਾਜਵਾ, ਮਨਜੀਤ ਸਿੰਘ ਹੰਬੜਾਂ, ਮਨਜੀਤ ਸਿੰਘ ਭਰੋਵਾਲ, ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਹੈਪੀ, ਸੁਖਪਾਲ ਸਿੰਘ ਗੋਂਦਵਾਲ ਆਦਿ ਸ਼ਾਮਲ ਸਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਚਲਾਉਣ ਦੇ ਬਾਵਜੂਦ ਨਸ਼ਾ ਖ਼ਤਮ ਨਹੀਂ ਹੋਇਆ। ਇਸੇ ਤਰ੍ਹਾਂ ਭ੍ਰਿਸ਼ਟਾਚਾਰ ਦੇ ਦਾਅਵੇ ਝੂਠੇ ਪੈ ਗਏ ਹਨ। ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਪਹਿਲਾਂ ਤੋਂ ਬਣੇ ਸਕੂਲਾਂ ਤੇ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਕਰਕੇ ਬੁੱਤਾ ਸਾਰਿਆ ਜਾ ਰਿਹਾ ਹੈ। ਕੁੱਲ ਮਿਲਾ ਕੇ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਲੋਕ ਹੁਣ ਜਦੋਂ ਹਾਕਮ ਧਿਰ ਦੇ ਆਗੂਆਂ ਨੂੰ ਸਵਾਲ ਕਰਨ ਲੱਗੇ ਹਨ। ਔਰਤਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਦੇਣ ਸਮੇਤ ਕੀਤੇ ਹੋਰ ਵਾਅਦੇ ਯਾਦ ਕਰਵਾਏ ਜਾ ਰਹੇ ਹਨ ਤਾਂ ਸਰਕਾਰ ਬੜੀ ਚਲਾਕੀ ਨਾਲ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦਾ ਯਤਨ ਕਰ ਰਹੀ ਹੈ। ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਪ੍ਰਤਾਪ ਸਿੰਘ ਬਾਜਵਾ ਦੀ ਪਿੱਠ ’ਤੇ ਖੜ੍ਹੀ ਹੈ। ਉਨ੍ਹਾਂ ਕੁਝ ਵੀ ਗਲਤ ਨਹੀਂ ਕਿਹਾ ਅਤੇ ਜੇਕਰ ਕਿਸੇ ਟਿੱਪਣੀ 'ਤੇ ਇਤਰਾਜ਼ ਵੀ ਹੋਵੇ ਤਾਂ ਜਾਂਚ ਤੇ ਪੁੱਛਗਿੱਛ ਪਹਿਲਾਂ ਕਰਨੀ ਬਣਦੀ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬਾਜਵਾ ਹਰ ਮੁੱਦੇ 'ਤੇ ਲਗਾਤਾਰ ਸਰਕਾਰ ਤੇ ਮੁੱਖ ਮੰਤਰੀ ਨੂੰ ਘੇਰ ਰਹੇ ਸਨ ਜਿਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਸਮੇਂ ਮਨਪ੍ਰੀਤ ਸਿੰਘ ਈਸੇਵਾਲ, ਪ੍ਰੇਮ ਸਿੰਘ ਸੇਖੋਂ, ਤੇਲੂ ਰਾਮ ਬਾਂਸਲ, ਗੁਰਮੀਤ ਸਿੰਘ ਮਿੰਟੂ ਰੂਮੀ ਤੇ ਹੋਰ ਹਾਜ਼ਰ ਸਨ।