ਬਾਬਾ ਫ਼ਰੀਦ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ
ਪੱਤਰ ਪ੍ਰੇਰਕ
ਗਿੱਦੜਬਾਹਾ, 2 ਫਰਵਰੀ
ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ ਵਿੱਚ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਸੱਭਿਆਚਾਰਕ ਪ੍ਰੋਗਰਾਮ ਅਤੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜਸਪਾਲ ਮੋਂਗਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ, ਗਰੁੱਪ ਡਾਂਸ, ਸੋਲੋ ਡਾਂਸ, ਝੂਮਰ, ਭੰਡ, ਮੱਲਵਈ ਗਿੱਧਾ, ਭੰਗੜਾ ਤੇ ਹੋਰ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਹਰਜੀਤ ਸਿੰਘ ਬਰਾੜ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ, ਖੇਡਾਂ ਅਤੇ ਸਕੂਲ ਦੀਆਂ ਹੋਰ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਜਸਪਾਲ ਮੋਂਗਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਸਾਡੇ ਅਮੀਰ ਸਭਿਆਚਾਰ ਤੇ ਆਪਣੇ ਵਿਰਸੇ ਨਾਲ ਜੋੜਣ ਲਈ ਸਾਡੇ ਸਮਾਜ ਨੂੰ ਚੰਗੀ ਸੇਧ ਦੇਣ ਲਈ ਵੀ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਸਕੂਲ ਦਾ ਕੋਈ ਵੀ ਵਿਦਿਆਰਥੀ ਪੰਜਾਬ ਵਿੱਚੋਂ ਪਹਿਲੇ ਨੰਬਰ ’ਤੇ ਆਵੇਗਾ ਉਸ ਨੂੰ 50 ਹਜ਼ਾਰ ਰੁਪਏ ਨਗਦ ਰਾਸ਼ੀ ਅਤੇ ਜੋ ਵਿਦਿਆਰਥੀ ਮੈਰਿਟ ਲਿਸਟ ਵਿੱਚ ਆਵੇਗਾ ਉਸ ਨੂੰ 10 ਹਜ਼ਾਰ ਰੁਪਏ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਸੁਖਦੀਪ ਸਿੰਘ, ਗੁਰਸਾਹਿਬ ਸਿੰਘ, ਸ਼ਰਨਜੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਨਿਭਾਈ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਅਤੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਪਾਲ ਮੋਹਲਾਂ, ਸਵਰਨਜੀਤ ਸਿੰਘ ਮੱਲਣ, ਕੁਲਦੀਪ ਸਿੰਘ ਘੁਮਿਆਰਾ, ਜਸਪ੍ਰੀਤ ਸਿੰਘ ਭਲਾਈਆਣਾ ਸਮੇਤ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।