ਬਾਬਾ ਭਾਨ ਸਿੰਘ ਨੌਜਵਾਨ ਸਭਾ ਵੱਲੋਂ ਬਾਲ ਸਿਰਜਣਾਤਮਕ ਕੈਂਪ ਅੱਜ ਤੋਂ
ਖੇਤਰੀ ਪ੍ਰਤੀਨਿਧ
ਲੁਧਿਆਣਾ, 8 ਜੂਨ
ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਵੱਲੋਂ ਸ਼ਹੀਦ ਬਾਬਾ ਭਾਨ ਸਿੰਘ ਗਦਰ ਮੈਮੋਰੀਅਲ ਟਰੱਸਟ ਦੇ ਬਾਨੀ ਪ੍ਰਧਾਨ ਮਰਹੂਮ ਲੈਫ. ਕਰਨਲ ਜਗਦੀਸ਼ ਸਿੰਘ ਬਰਾੜ ਨੂੰ ਸਮਰਪਿਤ ਬਾਲ ਸਿਰਜਣਾਤਮਕ ਕੈਂਪ 9 ਜੂਨ ਤੋਂ 15 ਜੂਨ ਤੱਕ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ, ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਚ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਸ਼ਮਸ਼ੇਰ ਨੂਰਪੁਰੀ ਦੀ ਦੇਖਰੇਖ ਹੇਠ ਬੱਚਿਆਂ ਨੂੰ ਚਿੱਤਰਕਾਰੀ, ਮਿੱਟੀ ਦੇ ਖਿਡੌਣੇ, ਨਾਟਕ, ਕੋਰੀਓਗ੍ਰਾਫੀ, ਭਾਸ਼ਣ ਕਲਾ, ਸੰਗੀਤ ਦੇ ਨਾਲ-ਨਾਲ ਬੱਚਿਆਂ ਵਿੱਚ ਵਿਗਿਆਨਕ ਚੇਤਨਾ ਵਿਕਸਿਤ ਕਰਕੇ ਚੰਗੇ ਮਨੁੱਖ ਦੀ ਸਿਰਜਣਾ ਕਰਨਾ ਕੈਂਪ ਦਾ ਮੁੱਖ ਮਕਸਦ ਹੋਵੇਗਾ।
ਸਭਾ ਦੇ ਪ੍ਰਧਾਨ ਐਡਵੋਕੇਟ ਹਰਪ੍ਰੀਤ ਜ਼ੀਰਖ ਅਤੇ ਜਨਰਲ ਸਕੱਤਰ ਰਾਕੇਸ਼ ਆਜ਼ਾਦ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਬੱਚੇ ਟੀਵੀ-ਸੋਸ਼ਲ ਮੀਡੀਆ ਦੇ ਪ੍ਰਭਾਵ ਹੇਠ ਆ ਕੇ ਗਲਤ ਆਦਤਾਂ ਦੇ ਸ਼ਿਕਾਰ ਹੋ ਰਹੇ ਹਨ।
ਇਹ ਕੈਂਪ ਬੱਚਿਆਂ ਵਿੱਚ ਮਨੁੱਖੀ ਕਦਰਾਂ ਕੀਮਤਾਂ ਨੂੰ ਬਚਾਉਣ ਅਤੇ ਸਮਾਜ ਵਿੱਚ ਚੰਗੇ ਅਤੇ ਚੇਤੰਨ ਮਨੁੱਖ ਦੇ ਰੂਪ ਵਿੱਚ ਵਿਕਸਤ ਕਰਨ ਲਈ ਲਗਾਇਆ ਜਾ ਰਿਹਾ ਹੈ। ਬੱਚੇ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਉਨ੍ਹਾਂ ਨੂੰ ਚੰਗੀ ਕਲਾ, ਚੰਗੇ ਆਹਾਰ, ਨਸ਼ਿਆਂ ਦੇ ਬੁਰੇ ਪ੍ਰਭਾਵ, ਆਪਣੇ ਜੁਝਾਰੂ ਇਤਿਹਾਸ ਤੇ ਸੱਭਿਆਚਾਰ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਇਹ ਕੈਂਪ ਬਿਲਕੁਲ ਮੁਫਤ ਲਗਾਇਆ ਜਾ ਰਿਹਾ ਹੈ ਤਾਂ ਜੋ ਮਜ਼ਦੂਰ ਵਰਗ ਦੇ ਬੱਚਿਆਂ ਨੂੰ ਵੀ ਉਹ ਮੌਕਾ ਦਿੱਤਾ ਜਾ ਸਕੇ ਜੋ ਵੱਡੇ-ਵੱਡੇ ਅੰਗਰੇਜ਼ੀ ਮਾਧਿਅਮ ਦੇ ਸਕੂਲਾਂ ਵਿੱਚ ਮਹਿੰਗੀਆਂ ਫ਼ੀਸਾਂ ਨਾਲ ਹਾਸਲ ਕਰਦੇ ਹਨ। ਉਨ੍ਹਾਂ ਦੱਸਿਆ ਕੈਂਪ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਨੌਜਵਾਨ ਸਭਾ ਦੀ ਟੀਮ ਦੀਆਂ ਡਿਊਟੀਆਂ ਅੱਜ ਮੀਟਿੰਗ ਕਰ ਕੇ ਵੰਡੀਆਂ ਗਈਆਂ। ਇਸ ਮੌਕੇ ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ, ਤਜਿੰਦਰ ਕੁਮਾਰ, ਮੀਨੂ ਸ਼ਰਮਾਂ, ਮਾਨ ਸਿੰਘ, ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।