ਬੇਅੰਤ ਸਿੰਘ ਹੱਤਿਆ ਕਾਂਡ: ਪੰਜਾਬ ਸਰਕਾਰ ਵੱਲੋਂ ਹਵਾਰਾ ਦੀ ਜੇਲ੍ਹ ਤਬਦੀਲੀ ਪਟੀਸ਼ਨ ਦਾ ਵਿਰੋਧ
ਨਵੀਂ ਦਿੱਲੀ, 4 ਫਰਵਰੀ
ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਉਸ ਪਟੀਸ਼ਨ ਦਾ ਵਿਰੋਧ ਕੀਤਾ, ਜਿਸ ਵਿੱਚ ਉਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਨ ਦੀ ਬੈਂਚ ਇਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਪੰਜਾਬ ਸਰਕਾਰ ਵੱਲੋਂ ਪੇਸ਼ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਹਵਾਰਾ ਪਹਿਲਾਂ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਸੀ। ਬੈਂਚ ਨੇ ਹਵਾਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕੌਲਿਨ ਗੋਂਜ਼ਾਲਵੇਜ਼ ਤੋਂ ਪੁੱਛਿਆ ਕਿ ਕੀ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਪਟੀਸ਼ਨ ਵਿੱਚ ਧਿਰ ਬਣਾਇਆ ਗਿਆ ਹੈ। ਗੋਂਜ਼ਾਲਵੇਜ਼ ਨੇ ਕਿਹਾ ਕਿ ਚੰਡੀਗੜ੍ਹ ਨੂੰ ਧਿਰ ਬਣਾਇਆ ਜਾਵੇਗਾ। ਬੈਂਚ ਨੇ ਮਾਮਲੇ ਵਿੱਚ ਚੰਡੀਗੜ੍ਹ ਨੂੰ ਧਿਰ ਬਣਾਉਣ ਦੀ ਇਜਾਜ਼ਤ ਦਿੰਦਿਆਂ ਹਵਾਰਾ ਦੀ ਪਟੀਸ਼ਨ ’ਤੇ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਅਤੇ ਚਾਰ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। -ਪੀਟੀਆਈ