ਬੇਰੁਜ਼ਗਾਰ ਅਧਿਆਪਕਾਂ ਨੇ ਸਿਆਸੀ ਆਗੂਆਂ ਦੇ ਪੁਤਲੇ ਸਾੜੇ

ਸੰਗਰੂਰ ’ਚ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਪੁਤਲੇ ਫ਼ੂਕਦੇ ਹੋਏ ਬੇਰੁਜ਼ਗਾਰ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਅਕਤੂਬਰ
ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਟੈੱਟ ਪਾਸ ਬੀ.ਐਡ. ਬੇਰੁਜ਼ਗਾਰ ਅਧਿਆਪਕਾਂ ਵਲੋਂ ਅੱਜ ਦਸਹਿਰੇ ਵਾਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਿਆਸਤ ਦੇ ਰਾਵਣ, ਮੇਘ ਨਾਥ ਅਤੇ ਕੁੰਭਕਰਨ ਕਰਾਰ ਦਿੰਦਿਆਂ ਉਨ੍ਹਾਂ ਦੇ ਪੁਤਲੇ ਸਾੜੇ ਗਏ। ਉਨ੍ਹਾਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ। ਇਸ ਤੋਂ ਪਹਿਲਾਂ ਡੀਸੀ ਕੰਪਲੈਕਸ ਅੱਗੇ ਬੇਰੁਜ਼ਗਾਰ ਅਧਿਆਪਕ ਇਕੱਠੇ ਹੋਏ। ਇਥੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਵਿੱਤ ਮੰਤਰੀ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀਆਂ ਤਸਵੀਰਾਂ ਵਾਲੇ ਪੁਤਲੇ ਲਾਏ ਗਏ ਜਿਨ੍ਹਾਂ ’ਤੇ ‘ਅੱਜ ਦੇ ਰਾਵਣ’ ਲਿਖਿਆ ਹੋਇਆ ਸੀ। ਫ਼ਿਰ ਬੇਰੁਜ਼ਗਾਰ ਅਧਿਆਪਕਾਂ ਵਲੋਂ ਲਾਲ ਬੱਤੀ ਚੌਕ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਆਵਾਜਾਈ ਠੱਪ ਕਰਦਿਆਂ ਪੁਤਲੇ ਸਾੜੇ ਗਏ।
ਉਨ੍ਹਾਂ ਮੁੱਖ ਮੰਤਰੀ ਪੰਜਾਬ ਦੇ ਪੁਤਲੇ ’ਤੇ ‘ਮੈਂ ਹਾਂ ਖੂਨ ਪੀਣੀ ਸਰਕਾਰ ਦਾ ਦੈਂਤ’ ਲਿਖਿਆ ਹੋਇਆ ਸੀ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਸਿਆਸਤ ਦੇ ਰਾਵਣ, ਮੇਘ ਨਾਥ ਅਤੇ ਕੁੰਭਕਰਨ ਬਣੇ ਹੋਏ ਹਨ ਜਿਨ੍ਹਾਂ ਨੇ ਘਰ-ਘਰ ਨੌਕਰੀ ਦੇਣ ਦਾ ਝੂਠਾ ਵਾਅਦਾ ਕਰਕੇ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕਰੀਬ 30 ਹਜ਼ਾਰ ਅਸਾਮੀਆਂ ਖਾਲੀ ਪਈਆਂ ਹਨ ਪਰ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਬਜਾਏ ਰੁਜ਼ਗਾਰ ਮੇਲਿਆਂ ’ਚ ਨਿਗੂਣੀਆਂ ਤਨਖਾਹਾਂ ’ਤੇ ਪ੍ਰਾਈਵੇਟ ਨੌਕਰੀਆਂ ਦੇ ਕੇ ਬੇਰੁਜ਼ਗਾਰ ਨੌਜਵਾਨਾਂ ਦਾ ਆਰਥਿਕ ਸ਼ੋਸ਼ਣ ਕਰ ਰਹੀ ਹੈ। ਇਸ ਮੌਕੇ ਯੂਨੀਅਨ ਦੀ ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ, ਇਨਕਲਾਬੀ ਲੋਕ ਮੋਰਚਾ ਦੇ ਸਵਰਨਜੀਤ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਮਨਧੀਰ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪਰਮਿੰਦਰ ਸਿੰਘ ਤੇ ਹੋਰਨਾਂ ਨੇ ਸੰਬੋਧਨ ਕੀਤਾ।

Tags :