ਭਾਜਪਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਚੁੱਕੇ ਸਵਾਲ
ਗੁਰਿੰਦਰ ਸਿੰਘ
ਲੁਧਿਆਣਾ, 9 ਜੂਨ
ਭਾਰਤੀ ਜਨਤਾ ਪਾਰਟੀ ਨੇ ‘ਆਪ’ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ’ਤੇ ਸਵਾਲ ਚੁੱਕਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ’ਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ਫੌਰਨ ਵਜ਼ਾਰਤ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦਾਅਵਾ ਕੀਤਾ ਹੈ ਕਿ ਜੇਕਰ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਰਿਹਾ ਤਾਂ ਇਸ ਦਾਕਾਰਨ ‘ਆਪ’ ਸਰਕਾਰ ਹੈ ਕਿਉਂਕਿ ਇਸ ਦੇ ਆਗੂ ਹੀ ਇਸ ਅਲਾਮਤ ਲਈ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਆਗੂ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਹਨ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਦੀ ਕਥਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਹਾਲੇ ਤੱਕ ਇੱਕ ਵੀ ਵੱਡਾ ਨਸ਼ਾ ਤਸਕਰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਸ੍ਰੀ ਸਰੀਨ ਨੇ ਕਿਹਾ ਕਿ ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੁੱਝ ਦਿਨ ਪਹਿਲਾਂ ਭਾਜਪਾ ’ਤੇ ਗੰਭੀਰ ਦੋਸ਼ ਲਗਾਏ ਸਨ, ਜਦਕਿ ਉਹ ਦੋਸ਼ ਬੇਬੁਨਿਆਦ ਸਨ ਕਿਉਂਕਿ 5 ਗ੍ਰਾਮ ਹੈਰੋਇਨ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਸਿਰਫ਼ ਇੱਕ ਵਿਅਕਤੀ ਦੁਆਰਾ ਕੀਤੀ ਗਈ ਸੀ ਤੇ ‘ਆਪ’ ਆਗੂਆਂ ਨੇ ਪ੍ਰਚਾਰ ਕੀਤਾ ਕਿ ਭਾਜਪਾ ਨਸ਼ਾ ਤਸਕਰਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 28 ਮਈ ਨੂੰ ਅਜਨਾਲਾ ਪੁਲੀਸ ਨੇ 50 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਵਪਾਰਕ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਦੀ ਮਦਦ ਲਈ ਪੁਲੀਸ ਸਟੇਸ਼ਨ ਪਹੁੰਚ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਧਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕੀਤਾ ਕਿ ਕਿਉਂਕਿ ਉਹ ਲੜਕੇ ਬਹੁਤ ਛੋਟੇ ਸਨ, ਇਸ ਲਈ ਉਨ੍ਹਾਂ ਨੇ ਪੁਲੀਸ ਨੂੰ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਣ ਦਾ ਹੁਕਮ ਦਿੱਤਾ ਹੈ।
ਸ੍ਰੀ ਸਰੀਨ ਨੇ ‘ਆਪ’ ਆਗੂਆਂ ਨੂੰ ਸਵਾਲ ਕੀਤਾ ਕਿ ਜਦੋਂ ਐੱਫਆਈਆਰ ਦਰਜ ਹੋ ਚੁੱਕੀ ਹੈ ਤਾਂ ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਣ ਲਈ ਪੁਲੀਸ ਨੂੰ ਹੁਕਮ ਦੇਣ ਦਾ ਅਧਿਕਾਰ ਕਿਸ ਨੇ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇੱਕ ਮਹੀਨੇ ਤੋਂ ਵੱਧ ਚੱਲੀ ਇਸ ਮੁਹਿੰਮ ਵਿੱਚ 'ਆਪ' ਸੂਬੇ ਵਿੱਚ ਇੱਕ ਵੀ ਵੱਡੇ ਨਸ਼ਾ ਤਸਕਰ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਇਸ ਮੌਕੇ ਤੇ ਭਾਜਪਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਡਾ. ਕਰਮਜੀਤ ਸੋਈ, ਪ੍ਰਿਤਪਾਲ ਸਿੰਘ ਬਲੀਏਵਾਲ, ਜਨਾਰਧਨ ਸ਼ਰਮਾ ਅਤੇ ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਤੇ ਹੋਰ ਹਾਜ਼ਰ ਸਨ।