ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜੂਨ
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ 24311 ਏਕੜ ਜ਼ਮੀਨ ਐਕੁਆਇਰ ਕਰਨ ਦੇ ਰੋਸ ਵਜੋਂ ਰੋਸ ਮਾਰਚ ਕਰਕੇ ਡੀਸੀ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ।
ਅੱਜ ਇੱਥੇ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਅਰੋੜਾ ਦੇ ਮੁੱਖ ਦਫਤਰ ਵਿੱਚ ਹੋਈ ਇੱਕ ਵਿਸ਼ੇਸ਼ ਮੀਟਿੰਗ ਵਿੱਚ ਰੋਸ਼ਨ ਸਿੰਘ ਸਾਗਰ, ਸੁਖਦੇਵ ਸਿੰਘ ਕਨੀਜਾ, ਹਰਦੀਪ ਸਿੰਘ, ਕਰਮਜੀਤ ਸਿੰਘ, ਅਜੀਤ ਸਿੰਘ, ਦਲਵਿੰਦਰ ਸਿੰਘ ਘੁੰਮਣ, ਕੈਪਟਨ ਕੁਲਵੰਤ ਸਿੰਘ, ਕੈਪਟਨ ਮਲਕੀਤ ਸਿੰਘ ਵਾਲੀਆ, ਚਰਨਜੀਤ ਸਿੰਘ ਬੜੈਚ ਅਤੇ ਕੁਲਵਿੰਦਰ ਸਿੰਘ ਸਲੇਮ ਟਾਬਰੀ ਆਦਿ ਹਾਜ਼ਰ ਸਨ।
ਇਸ ਮੌਕੇ ਗੰਭੀਰ ਮੁੱਦੇ ਤੇ ਵਿਚਾਰ ਵਟਾਂਦਰਾ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਰੋਸ ਮਾਰਚ ਦੌਰਾਨ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਹੈਪੀ ਸਮੇਤ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਹੋਰ ਆਗੂ ਵੀ ਸ਼ਿਰਕਤ ਕਰਨਗੇ।
ਇਸ ਮੌਕੇ ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਨਾ ਕੀਤਾ ਗਿਆ ਤਾਂ ਜਥੇਬੰਦੀ ਜ਼ੋਰਦਾਰ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਪੱਕੇ ਤੌਰ ਤੇ ਧਰਨੇ ਪ੍ਰਦਰਸ਼ਨ ਕਰਨੇ ਪਏ ਤਾਂ ਯੂਨੀਅਨ ਪਿੱਛੇ ਨਹੀਂ ਹਟੇਗੀ। ਉਨ੍ਹਾਂ ਵਰਕਰਾਂ ਨੂੰ ਵੱਡੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।