ਭਾਸ਼ਣ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਰਮੇਸ਼ ਭਾਰਦਵਾਜ/ਕਰਮਵੀਰ ਸਿੰਘ ਸੈਣੀ
ਲਹਿਰਾਗਾਗਾ/ਮੂਨਕ , 13 ਅਪਰੈਲ
ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦੇ ਸਬੰਧ ਵਿੱਚ ਪਿੰਡ ਰਾਜਲਹੇੜੀ ਵਿੱਚ ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਸਮੇਂ ਦਾ ਹਾਣੀ ਬਣਨ ਲਈ ਆਪਣੀ ਪ੍ਰਤਿਭਾ ਨੂੰ ਨਿਖਾਰਨਾ ਚਾਹੀਦਾ ਹੈ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਤੋਂ ਸੇਧ ਲੈਣ ਜਿਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਵਿਸ਼ਵ ਵਿੱਚ ਵਿਸ਼ੇਸ਼ ਪਛਾਣ ਕਾਇਮ ਕੀਤੀ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਵੀ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਮੰਤਰੀ ਦੇ ਪੀਏ ਰਾਕੇਸ਼ ਕੁਮਾਰ ਗੁਪਤਾ ਤੇ ਮੈਂਬਰ ਲਖਬੀਰ ਸਿੰਘ ਆਦਿ ਹਾਜ਼ਰ ਸਨ।