ਮਕਾਨ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਮਾਰਚ
ਦਿੱਲੀ ਸਰਕਾਰ ਨੇ ਅੱਜ ਉਨ੍ਹਾਂ ਮਕਾਨ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜੋ ਕਿਰਾਏ ’ਤੇ ਰਹਿ ਰਹੇ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ਼ ਨੂੰ ਘਰ ਛੱਡਣ ਲਈ ਮਜ਼ਬੂਰ ਕਰ ਰਹੇ ਹਨ। ਕਰੋਨਾਵਾਇਰਸ ਦੀ ਵਧ ਰਹੀ ਦਹਿਸ਼ਤ ਦੌਰਾਨ ਕੌਮੀ ਰਾਜਧਾਨੀ ਦੇ ਕੁੱਝ ਮਕਾਨ ਮਾਲਕਾਂ ਵੱਲੋਂ ਕਿਰਾਏਦਾਰ ਡਾਕਟਰਾਂ, ਪੈਰਾ ਮੈਡੀਕਲ ਸਟਾਫ ਤੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਘਰ ਛੱਡਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਤਰ੍ਹਾਂ ਦੀਆਂ ਰਿਪੋਰਟਾਂ ਨਸ਼ਰ ਹੋਣ ਮਗਰੋਂ ਦਿੱਲੀ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਨੂੰ ਉਕਤ ਮਕਾਨ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
ਸਿਹਤ ਵਿਭਾਗ ਨੇ ਕਿਹਾ ਕਿ ਮਕਾਨ ਮਾਲਕਾਂ ਦਾ ਅਜਿਹਾ ਵਤੀਰਾ ਜਨਤਕ ਸੇਵਕਾਂ ਨੂੰ ਉਨ੍ਹਾਂ ਦੇ ਡਿਊਟੀ ਨਿਭਾਉਣ ’ਚ ਅੜਿੱਕਾ ਡਾਹੁਣ ਦੇ ਤੁਲ ਹੈ। ਦਿੱਲੀ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਿਹਤ ਕਰਮਚਾਰੀਆਂ ਕੋਲੋਂ ਸ਼ਿਕਾਇਤਾਂ ਮਿਲੀਆਂ ਸਨ ਕਿ ਉਨ੍ਹਾਂ ਦੇ ਮਕਾਨ ਮਾਲਕਾਂ ਵੱਲੋਂ ਉਨ੍ਹਾਂ ਨੂੰ ਕਿਰਾਏ ਦੇ ਮਕਾਨ ਖ਼ਾਲੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਵਿਭਾਗ ਨੇ ਕਿਹਾ ਕਿ ਇਹ ਵਤੀਰਾ ਸਰਕਾਰੀ ਕਰਮਚਾਰੀਆਂ ਦੀ ਡਿਊਟੀ ਵਿੱਚ ਵਿਘਨ ਬਣਾਉਣ ਦੇ ਬਰਾਬਰ ਹੈ। ਸਾਰੇ ਜ਼ਿਲ੍ਹਾ ਮੈਜਿਸਟ੍ਰੇਟ, ਨਗਰ ਨਿਗਮਾਂ ਦੇ ਜ਼ੋਨਲ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਜਿਹੇ ਮਕਾਨ ਮਾਲਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਵਧੀਕ ਮੁੱਖ ਸਕੱਤਰ ਗ੍ਰਹਿ ਦਿੱਲੀ ਸਰਕਾਰ ਦੇ ਦਫ਼ਤਰ ਨੂੰ ਰੋਜ਼ਾਨਾ ਕਾਰਵਾਈ ਦੀ ਰਿਪੋਰਟ ਸੌਂਪੀ ਜਾਵੇ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਕਾਨ ਮਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਰਾਏਦਾਰ ਤੁਰੰਤ ਪ੍ਰਬੰਧ ਨਹੀਂ ਕਰ ਸਕਦਾ ਤਾਂ ਉਹ 1-2 ਮਹੀਨਿਆਂ ਦੀਆਂ ਕਿਸ਼ਤਾਂ ’ਚ ਕਿਰਾਏ ਲੈਣ।

ਡਾਕਟਰਾਂ ਤੇ ਨਰਸਾਂ ਨੂੰ ਫੌਜੀ ਵਾਲਾ ਦਰਜਾ ਦੇਣ ਦੀ ਮੰਗ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਮੈਡੀਕਲ ਕੌਂਸਲ ਨੇ ਮੰਗ ਕੀਤੀ ਹੈ ਕਿ ਕਰੋਨਾਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਮੈਡੀਕਲ ਸਟਾਫ਼ ਨੂੰ ਫੌਜੀਆਂ ਵਾਲਾ ਦਰਜਾ ਮਿਲਣਾ ਚਾਹੀਦਾ ਹੈ। ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਲਿਖੇ ਪੱਤਰ ਵਿੱਚ ਕੌਂਸਲ ਨੇ ਕਿਹਾ ਕਿ ਡਾਕਟਰ, ਨਰਸਾਂ ਤੇ ਪੈਰਾਮੈਡੀਕਲ ਸਟਾਫ਼ ਵੀ ਆਪਣੀ ਜਾਨ ਜੋਖਮ ਵਿੱਚ ਪਾ ਕੇ ਕੋਵਿਡ-19 ਵਰਗੀ ਭਿਆਨਕ ਬਿਮਾਰੀ ਦੇ ਪੀੜਤਾਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਲਿਖਿਆ ਕਿ ਜੇਕਰ ਇਲਾਜ ਕਰਦਿਆਂ ਡਾਕਟਰ ਜਾਂ ਹੋਰ ਸਟਾਫ਼ ਮੈਂਬਰ ਬਿਮਾਰ ਹੋ ਜਾਵੇ ਤਾਂ ਸਰਕਾਰ ਉਨ੍ਹਾਂ ਦਾ ਖ਼ਰਚਾ ਖ਼ੁਦ ਚੁੱਕੇ। ਕੌਂਸਲ ਦੇ ਪ੍ਰਧਾਨ ਡਾ. ਅਰੁਨ ਗੁਪਤਾ ਨੇ ਕਿਹਾ ਕਿ ਮੈਡੀਕਲ ਸਟਾਫ਼ ਮੈਂਬਰ ਨਾਲ ਜੇਕਰ ਕਿਸੇ ਤਰ੍ਹਾਂ ਦੀ ਅਣਹੋਣੀ ਵਾਪਰ ਜਾਵੇ ਤਾਂ ਉਸ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਸਟਾਫ਼ ਵੀ ਲੋਕਾਂ ਦੀ ਸੁਰੱਖਿਆ ਵਿੱਚ ਉਸੇ ਤਰ੍ਹਾਂ ਮੁਸਤੈਦ ਰਹਿੰਦਾ ਹੈ, ਜਿਵੇਂ ਦੇਸ਼ ਦੀਆਂ ਸਰਹੱਦਾਂ ’ਤੇ ਫ਼ੌਜੀ ਤਾਇਨਾਤ ਹਨ। ਸ੍ਰੀ ਗੁਪਤਾ ਨੇ ਇਸ ਮੁੱਦੇ ’ਤੇ ਸਤਿੰਦਰ ਜੈਨ ਨਾਲ ਗੱਲ ਵੀ ਕੀਤੀ, ਜਿਨ੍ਹਾਂ ਨੇ ਮੰਗਾਂ ਨੂੰ ਵਿਚਾਰਨ ਦਾ ਭਰੋਸਾ ਦਿੱਤਾ।