ਮਗਨਰੇਗਾ ਮੁਲਾਜ਼ਮਾਂ ਵੱਲੋਂ ਏਡੀਸੀ ਦਫ਼ਤਰ ਅੱਗੇ ਧਰਨਾ

ਪਾਲ ਸਿੰਘ ਨੌਲੀ
ਜਲੰਧਰ, 20 ਸਤੰਬਰ

ਜਲੰਧਰ ਵਿਚ ਧਰਨਾ ਦਿੰਦੇ ਹੋਏ ਮਗਨਰੇਗਾ ਮੁਲਾਜ਼ਮ। -ਫੋਟੋ: ਮਲਕੀਅਤ ਸਿੰਘ

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਮੁਲਾਜ਼ਮਾਂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ। ਮਗਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ ਕਰੀਬ 11 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਮਗਨਰੇਗਾ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਲਾਰੇ ਲਾਉਣ ਤੋਂ ਇਲਾਵਾ ਉਨ੍ਹਾਂ ਦੇ ਪੱਲੇ ਕੁਝ ਨਹੀਂ ਪਾਉਂਦੀਆਂ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ 90 ਫੀਸਦੀ ਵਿਕਾਸ ਕੰਮ ਮਗਨਰੇਗਾ ਤਹਿਤ ਹੋ ਰਹੇ ਹਨ ਤੇ ਜਦੋਂ ਵੀ ਮੁਲਾਜ਼ਮ ਪੱਕੇ ਹੋਣ ਦੀ ਮੰਗ ਕਰਦੇ ਹਨ ਤਾਂ ਸਰਕਾਰੀ ਅਧਿਕਾਰੀ ਲਾਰਿਆਂ ’ਤੇ ਉੱਤਰ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ। ਨਾ ਤਾਂ ਮਗਨਰੇਗਾ ਮੁਲਾਜ਼ਮਾਂ ਨੂੰ ਕੋਈ ਸਹੂਲਤ ਮਿਲਦੀ ਹੈ, ਨਾ ਬੈਂਕ ਕਰਜ਼ਾ ਅਤੇ ਡਿਊਟੀ ਦੌਰਾਨ ਮੌਤ ਹੋਣ ’ਤੇ ਪਰਿਵਾਰ ਨੂੰ ਕੋਈ ਆਰਥਿਕ ਸਹਾਇਤਾ ਵੀ ਨਹੀਂ ਮਿਲਦੀ, ਨਾ ਹੀ ਗੁਜ਼ਾਰੇ ਜੋਗੀ ਤਨਖਾਹ ਮਿਲਦੀ ਹੈ। ਇਸ ਧਰਨੇ ਵਿਚ ਅਮਨਦੀਪ ਸ਼ੂਰ, ਜਸਪ੍ਰੀਤ ਸਿੰਘ, ਗੁਰਸ਼ਰਨ ਸਿੰਘ ਅਤੇ ਜ਼ਿਲ੍ਹੇ ਦੇ 11 ਬਲਾਕਾਂ ਦੇ ਪ੍ਰਧਾਨਾਂ ਨੇ ਵੀ ਸਰਕਾਰੀ ਨੀਤੀਆਂ ਦਾ ਵਿਰੋਧ ਕੀਤਾ।

Tags :