ਮਨਰੇਗਾ ਕਰਮਚਾਰੀਆਂ ਵੱਲੋਂ ਵੱਖ ਵੱਖ ਥਾਈਂ ਧਰਨੇ; ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 20 ਸਤੰਬਰ

ਚਮਕੌਰ ਸਾਹਿਬ ਵਿਚ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਰਮਚਾਰੀ। -ਫੋਟੋ: ਬੱਬੀ

ਭਖ਼ਦੀਆਂ ਮੰਗਾ ਸਬੰਧੀ ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਲੰਮੇ ਸਮੇਂ ਤੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਰਹੇ ਹਨ, ਫਿਰ ਵੀ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ, ਜਦਕਿ ਉਨ੍ਹਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ। ਵਿਭਾਗੀ ਮੰਗਾਂ ਤਾਂ ਕਰੀਬ ਡੇਢ ਸਾਲ ਤੋਂ ਪ੍ਰਵਾਨ ਵੀ ਕਰ ਲਈਆਂ ਗਈਆਂ ਸਨ, ਪਰ ਲਾਗੂ ਨਹੀਂ ਹੋਈਆਂ। 21 ਅਗਸਤ ਨੂੰ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਫ਼ੈਸਲਾ ਹੋਇਆ ਸੀ ਕਿ 19 ਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾਣਗੇ। ਪੰਜਾਬ ਵਿੱਚ ਹੋਣ ਵਾਲੀਆਂ ਜ਼ਮੀਨੀ ਚੋਣਾਂ ਵਿੱਚ ਮਨਰੇਗਾ ਕਰਮਚਾਰੀ ਯੂਨੀਅਨ ਸਰਕਾਰੀ ਦੀ ਪੋਲ ਖੋਲ੍ਹੇਗੀ। ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੂਬਾ ਪੱਧਰ ਤੇ ਧਰਨਾ ਦਿੱਤਾ ਜਾਵੇਗਾ।
ਕੁਰਾਲੀ (ਪੱਤਰ ਪ੍ਰੇਰਕ): ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਚ ਕੰਮ ਕਰ ਰਹੇ ਮਗਨਰੇਗਾ ਕਰਮਚਾਰੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਸੱਦੇ ’ਤੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮਗਨਰੇਗਾ ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ 8-10 ਸਾਲਾਂ ਤੋਂ ਇਸ ਵਿਭਾਗ ਵਿੱਚ ਲਗਾਤਾਰ ਕੰਮ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੇਸ਼ੱਕ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸਮੇਂ ਸਮੇਂ ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਚਾਇਤ ਵਿਭਾਗ ਵਿੱਚ ਸ਼ਾਮਲ ਕਰਕੇ ਪੱਕੇ ਕਰਨ ਦੀ ਮੰਗ ਸਬੰਧੀ ਸਰਕਾਰਾਂ ਨੂੰ ਪੱਤਰ ਭੇਜੇ ਜਾ ਚੁੱਕੇ ਹਨ, ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਮਾਜਰੀ ਵਿਚ ਹੜਤਾਲ ’ਤੇ ਬੈਠੇ ਮਗਨਰੇਗਾ ਕਰਮਚਾਰੀ। -ਫੋਟੋ: ਮਿਹਰ ਸਿੰਘ

ਐਸਏਐਸ ਨਗਰ (ਖੇਤਰੀ ਪ੍ਰਤੀਨਿਧ): ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ ਉਹ ਪਿਛਲੇ 10 ਸਾਲ ਤੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅੰਦਰ ਵੱਖ-ਵੱਖ ਆਰਜ਼ੀ ਆਸਾਮੀਆਂ ਤੇ ਕੰਮ ਕਰ ਰਹੇ ਹਨ ਅਤੇ ਸਮੁੱਚੇ ਮੁਲਾਜ਼ਮਾਂ ਦੀ ਭਰਤੀ ਸਰਕਾਰ ਵੱਲੋਂ ਰੈਗੂਲਰ ਭਰਤੀ ਦੌਰਾਨ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਪੂਰੀ ਪਾਰਦਰਸ਼ੀ ਪ੍ਰਕਿਰਿਆ ਰਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲੋਂ ਪੂਰਾ ਕੰਮ ਲਿਆ ਜਾਂਦਾਂ ਹੈ ਪਰ ਉਨ੍ਹਾਂ ਨੂੰ ਨਿਗੂਣੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸੀਟੂ ਨਾਲ ਸਬੰਧਿਤ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਅੱਜ ਮੁਹਾਲੀ ਦੇ ਫੇਜ਼-6 ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਕਰਮਚਾਰੀਆਂ ਨੇ ਸੂਬਾਈ ਰੈਲੀ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਮੇਨ ਸੜਕ ’ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਟੀ-ਪੁਆਇੰਟ ’ਤੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਦਿੱਤਾ ਅਤੇ ਆਵਾਜਾਈ ਰੋਕਦਿਆਂ ਸਰਕਾਰ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਯੂਨੀਅਨ ਵੱਲੋਂ ਅਨਾਜ ਮੰਡੀ ਵਿਚ ਕੁਝ ਘੰਟੇ ਧਰਨਾ ਦੇਣ ਮਗਰੋਂ ਇੱਕ ਰੋਸ ਰੈਲੀ ਵੀ ਕੱਢੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਭੰਗੂ ਨੇ ਕਿਹਾ ਕਿ ਸੰਨ 2015 ਦੌਰਾਨ ਅਕਾਲੀ ਭਾਜਪਾ ਸਰਕਾਰ ਸਮੇਂ ਰੂਪਨਗਰ ਵਿਚ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਧਰਨਾ ਦਿੱਤਾ ਗਿਆ ਸੀ, ਜਿਸ ਦੌਰਾਨ 1500 ਤੋਂ ਵੱਧ ਯੂਨੀਅਨ ਦੇ ਕਰਮਚਾਰੀ ਤੇ ਮਗਨਰੇਗਾ ਦੇ ਜੌਬ ਕਾਰਡ ਧਾਰਕ ਸ਼ਾਮਲ ਹੋਏ ਸਨ।

 

Tags :