ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮਲਟੀਪਰਪਜ਼ ਹੈਲਥ ਵਰਕਰ।

ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 10 ਸਤੰਬਰ
ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ ਨੇ ਅੱਜ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਣਾ ਸੀ, ਪਰ ਸਿਹਤ ਮੰਤਰੀ ਫਾਜ਼ਿਲਕਾ ਨਹੀਂ ਪਹੁੰਚੇ। ਇਸ ਤੋਂ ਬਾਅਦ ਯੂਨੀਅਨ ਆਗੂ ਸੁਖਦੇਵ, ਬਲਵਿੰਦਰ ਸਿੰਘ ਦੀ ਅਗਵਾਈ ‘ਚ ਬੇਰੁਜ਼ਗਾਰਾਂ ਨੇ ਸਥਾਨਕ ਸਵਾਮੀ ਵਿਵੇਕਾਨੰਦ ਪਾਰਕ ਤੋਂ ਲਾਲ ਬੱਤੀ ਚੌਕ ਤੱਕ ਰੋਸ ਮਾਰਚ ਕੱਢਿਆ।
ਯੂਨੀਅਨ ਆਗੂਆਂ ਨੇ ਕਿਹਾ ਕਿ ਚੋਣਾਂ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਸਰਕਾਰ ਆਪਣੇ ਵਾਅਦੇ ਪੂਰੇ ਕਰਨ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਸਿਹਤ ਵਿਭਾਗ ਪੰਜਾਬ ‘ਚ ਵੱਡੇ ਪੱਧਰ ‘ਤੇ ਅਸਾਮੀਆਂ ਖਾਲੀ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਤੋਂ ਮੰਗ ਕਰਦਿਆਂ ਕਿਹਾ ਕਿ ਕੋਰਸ ਪਾਸ ਕਰਕੇ ਬੇਰੁਜ਼ਗਾਰ ਫਿਰ ਰਹੇ ਉਮੀਦਵਾਰਾਂ ਨੂੰ ਸਿਹਤ ਵਿਭਾਗ ‘ਚ ਰੁਜ਼ਗਾਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਕਰੀਬ 3800 ਦੇ ਕਰੀਬ ਕੋਰਸ ਪਾਸ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਹਨ, ਦੂਜੇ ਪਾਸੇ ਸਰਕਾਰੀ ਹਸਪਤਾਲਾਂ ‘ਚ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਵਾਲੇ ਸਿਹਤ ਵਰਕਰਾਂ ਦੀਆਂ ਵੱਡੀ ਪੱਧਰ ‘ਤੇ ਅਸਾਮੀਆਂ ਖਾਲੀ ਹਨ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ‘ਚ ਖਾਲੀ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਅਸਾਮੀਆਂ ਰੈਗੂਲਰ ਅਤੇ ਉਮਰ ਹੱਦ ‘ਚ ਚਾਰ ਸਾਲ ਛੋਟ ਦੇ ਕੇ ਭਰੀਆਂ ਜਾਣ। ਮੌਕੇ ਵਿਕਰਮ, ਰਵਿੰਦਰ, ਸਵਰਨ, ਹਰਵਿੰਦਰ, ਅਸ਼ੋਕ, ਬਲਵੀਰ ਚੰਦ, ਬਲਵਿੰਦਰ, ਰਾਕੇਸ਼ ਕੁਮਾਰ, ਵਰਿੰਦਰ ਕੁਮਾਰ, ਸੁਬੇਗ, ਗੁਰਮੇਜ, ਮਲਕੀਤ ਹਾਜ਼ਰ ਸਨ।