ਮਨਮੋਹਨ ਸਿੰਘ ਢਿੱਲੋਂਅੰਮ੍ਰਿਤਸਰ, 9 ਜੂਨਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਮਿੱਡ-ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨਾਲ ਕੀਤੇ ਗਏ ਵਾਅਦੇ ਯਾਦ ਕਰਵਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਰੈਲੀ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।ਮੋਰਚੇ ਦੀਆਂ ਆਗੂ ਪਰਮਜੀਤ ਕੌਰ ਮਾਨ, ਮਮਤਾ ਸ਼ਰਮਾ, ਸਰਬਜੀਤ ਕੌਰ ਛੱਜਲਵੱਡੀ ਅਤੇ ਜਸਵਿੰਦਰ ਕੌਰ ਮਹਿਤਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਸ਼ਾ ਵਰਕਰਾਂ ਅਤੇ ਮਿੱਡ-ਡੇਅ ਮੀਲ ਵਰਕਰਾਂ ਨਾਲ ਸੱਤਾ ਵਿੱਚ ਆਉਂਦੇ ਸਾਰ ਹੀ ਉਨ੍ਹਾਂ ਨੂੰ ਮਿਲਦੇ ਭੱਤੇ ਦੁਗਣੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਵਾ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਮਾਣ ਭੱਤਾ ਵਰਕਰਾਂ ਨੂੰ ਪਿਛਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨਿਗੂਣੀਆਂ ਤਨਖਾਹਾਂ ਵਿੱਚ ਇੱਕ ਨਵੇਂ ਪੈਸੇ ਦਾ ਵੀ ਵਾਧਾ ਨਹੀਂ ਕੀਤਾ ਗਿਆ, ਜਿਸ ਕਾਰਨ ਪਹਿਲਾਂ ਤੋਂ ਹੀ ਗ਼ਰੀਬੀ ਅਵਸਥਾ ਵਿੱਚ ਦਿਨ ਕੱਟ ਰਹੀਆਂ ਮਾਣ ਭੱਤਾ ਵਰਕਰਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋਇਆ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਚੱਲਣਾ ਵੀ ਮੁਸ਼ਕਲ ਹੋਇਆ ਪਿਆ ਹੈ। ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ, ਗੁਰਬਿੰਦਰ ਸਿੰਘ ਖਹਿਰਾ ਅਤੇ ਕੁਲਦੀਪ ਸਿੰਘ ਵਰਨਾਲੀ ਨੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਅਤੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਅਨੁਸਾਰ ਤਨਖਾਹਾਂ ਦੇਣਾਂ ਪੰਜਾਬ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਜਿਸ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ।ਮਨਜੀਤ ਕੌਰ ਢਪੱਈਆਂ, ਗੁਰਵੰਤ ਕੌਰ ਲੋਪੋਕੇ, ਕਵਲਜੀਤ ਕੌਰ ਲਸ਼ਕਰੀ ਨੰਗਲ, ਹਰਪ੍ਰੀਤ ਕੌਰ ਰਜਧਾਨ, ਖੁਸ਼ਬੂ ਗੋਪਾਲ ਨਗਰ, ਕੁਲਬੀਰ ਕੌਰ ਰਮਦਾਸ, ਹਰਜੀਤ ਕੌਰ ਛੇਹਰਟਾ, ਬਲਜਿੰਦਰ ਕੌਰ ਵੇਰਕਾ ਅਤੇ ਸੁਖਜਿੰਦਰ ਕੌਰ ਛੱਜਲਵੱਡੀ ਨੇ ਕਿਹਾ ਕਿ ਮਾਣ ਭੱਤਾ ਵਰਕਰਾਂ ਨੂੰ ਤਹਿਸ਼ੁਦਾ ਘੱਟੋ-ਘੱਟ ਉਜ਼ਰਤਾਂ ਅਨੁਸਾਰ ਤਨਖਾਹਾਂ ਨਾ ਦੇਣ, ਪੰਜ ਲੱਖ ਦਾ ਮੁਫ਼ਤ ਬੀਮਾ ਸਹੂਲਤਾਂ ਨਾ ਦੇਣ, ਗ਼ੈਰ-ਵਾਜਬ ਤਰੀਕੇ ਨਾਲ ਨੌਕਰੀ ਤੋਂ ਛਾਂਟੀਆਂ ਕਰਨ ਅਤੇ ਹਰੇਕ ਸਾਲ ਬੱਝਵੀਂ ਸਲਾਨਾ ਤਰੱਕੀ ਨਾ ਦੇਣ ਕਾਰਨ ਪੰਜਾਬ ਭਰ ਦੀਆਂ ਮਾਣ ਭੱਤਾ ਵਰਕਰਾਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਉਨ੍ਹਾਂ ਲੁਧਿਆਣਾ ਜ਼ਿਮਨੀ ਚੋਣ ਮੌਕੇ 16 ਜੂਨ ਨੂੰ ਲੁਧਿਆਣਾ ਵਿੱਚ ਰੈਲੀ ਅਤੇ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਵੱਲ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ।