ਮੁਹਾਲੀ ਦੀਆਂ ਮੰਡੀਆਂ ’ਚ 6177 ਮੀਟਰਿਕ ਟਨ ਕਣਕ ਦੀ ਖ਼ਰੀਦ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 13 ਅਪਰੈਲ
ਪੰਜਾਬ ਸਰਕਾਰ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਜਦੋਂਕਿ ਇਸ ਤੋਂ ਪਹਿਲਾਂ ਖ਼ਰੀਦ ਨਾ-ਮਾਤਰ ਹੋ ਰਹੀ ਸੀ ਅਤੇ ਲੋੜ ਅਨੁਸਾਰ ਬਾਰਦਾਨਾ ਵੀ ਉਪਲਬਧ ਨਹੀਂ ਸੀ ਤੇ ਤਰਪਾਲਾਂ ਵੀ ਫਟੀਆਂ ਪੁਰਾਣੀਆਂ ਸਨ, ਜਿਸ ਕਾਰਨ ਬੀਤੇ ਦਿਨੀਂ ਅਚਾਨਕ ਹੋਈ ਬਾਰਸ਼ ਦੇ ਪਾਣੀ ਨਾਲ ਕਈ ਮੰਡੀਆਂ ਵਿੱਚ ਕਣਕ ਦੀ ਬੋਰੀਆਂ ਭਿੱਜ ਗਈਆਂ ਸਨ। ਇਸ ਸਬੰਧੀ ‘ਪੰਜਾਬੀ ਟ੍ਰਿਬਿਊਨ’ ਵਿੱਚ ਸਚਾਈ ਤੱਥਾਂ ਦੇ ਆਧਾਰ ’ਤੇ ਉਜਾਗਰ ਕੀਤੀ ਜਾ ਰਹੀ ਸੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸਮੇਤ ਲੋੜੀਂਦਾ ਬਰਾਦਾਨਾ ਅਤੇ ਲਿਫ਼ਟਿੰਗ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਐਤਵਾਰ ਨੂੰ ਸਰਕਾਰੀ ਛੁੱਟੀ ਵਾਲੇ ਦਿਨ ਵੀ ਮੰਡੀਆਂ ਵਿੱਚ ਕਣਕ ਦੀ ਫ਼ਸਲ ਖਰੀਦੀ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ 6177 ਮੀਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ 13.23 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖ਼ਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਫੂਡ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਹਲਕੀ ਬਾਰਸ਼ ਹੋਈ ਹੈ ਅਤੇ ਮੰਡੀਆਂ ਵਿੱਚ ਮੀਂਹ ਨਾਲ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਕੌਰ ਨੇ ਦੱਸਿਆ ਕਿ ਮੁਹਾਲੀ ਦੀਆਂ ਮੰਡੀਆਂ ਵਿੱਚ ਹੁਣ ਤੱਕ 6177 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।