ਮੁਹਾਲੀ ਵਿੱਚ ਵਾਹਨ ਪਾਰਕਿੰਗ ਦਾ ਸੰਕਟ ਗੰਭੀਰ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 3 ਫਰਵਰੀ
ਮੁਹਾਲੀ ਵਿੱਚ ਵਾਹਨ ਪਾਰਕਿੰਗ ਦੀ ਸਮੱਸਿਆ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਹਾਲਾਂਕਿ ਸ਼ਹਿਰ ਦਾ ਖੇਤਰਫਲ ਲਗਾਤਾਰ ਵਧ ਰਿਹਾ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਹਾਊਸਿੰਗ ਸੁਸਾਇਟੀਆਂ, ਵਪਾਰਕ ਸੰਸਥਾਵਾਂ ਅਤੇ ਸ਼ਾਪਿੰਗ ਮਾਲ ਹੋਂਦ ਵਿੱਚ ਆ ਗਏ ਹਨ ਪਰ ਵਾਹਨ ਪਾਰਕਿੰਗ ਦੀ ਸਹੂਲਤ ਲਗਪਗ ਨਾ ਦੇ ਬਰਾਬਰ ਹੈ।
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਅਤੇ ਮੁਹਾਲੀ ਪ੍ਰਸ਼ਾਸਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ, ਪੰਜਾਬ ਦੀ ਮਿਨੀ ਰਾਜਧਾਨੀ ਵਜੋਂ ਵਿਕਸਤ ਹੋ ਰਿਹਾ ਹੈ। ਕੇਂਦਰੀ ਅਦਾਰਿਆਂ ਸਮੇਤ ਪੰਜਾਬ ਸਰਕਾਰ ਦੇ 95 ਫੀਸਦੀ ਮੁੱਖ ਦਫ਼ਤਰ ਇੱਥੇ ਹਨ। ਇਸ ਤੋਂ ਇਲਾਵਾ ਸੁਪਰ-ਸਪੈਸ਼ਲਿਟੀ ਹਸਪਤਾਲ ਦੀ ਵੀ ਬਹੁਤਾਤ ਵਿੱਚ ਹਨ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਵਾਹਨ ਪਾਰਕਿੰਗਾਂ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਵਿੱਚ ਟਰੈਫ਼ਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਪਰ ਪੰਜਾਬ ਸਰਕਾਰ, ਮੁਹਾਲੀ ਪ੍ਰਸ਼ਾਸਨ ਖਾਸ ਕਰਕੇ ਨਗਰ ਨਿਗਮ ਅਤੇ ਗਮਾਡਾ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਸ਼ਹਿਰ ਦੇ ਨਾਮੀ ਹਸਪਤਾਲਾਂ ਦੇ ਬਾਹਰ ਸੜਕ ਦੇ ਦੋਵੇਂ ਪਾਸੇ ਵਾਹਨ ਖੜ੍ਹੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕਈ ਸਰਕਾਰੀ ਅਦਾਰਿਆਂ ਦੇ ਬਾਹਰ ਵੀ ਮੁਲਾਜ਼ਮ ਆਪਣੀਆਂ ਗੱਡੀਆਂ ਖੜੀਆਂ ਕਰ ਦਿੰਦੇ ਹਨ। ਹਾਲਾਂਕਿ ਟਰੈਫ਼ਿਕ ਪੁਲੀਸ ਵੱਲੋਂ ਅਜਿਹੀਆਂ ਬਹੁਤ ਸਾਰੀਆਂ ਥਾਵਾਂ ’ਤੇ ਨੋ-ਪਾਰਕਿੰਗ ਦੇ ਬੋਰਡ ਵੀ ਲਗਾਏ ਗਏ ਹਨ।
ਡਿਪਟੀ ਮੇਅਰ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮੁਹਾਲੀ ਵਿੱਚ ਪਾਰਕਿੰਗ ਵਿਵਸਥਾ ਬਿਹਤਰ ਬਣਾਉਣ ਦੀਆਂ ਗੱਲਾਂ ਤਾਂ ਹੋ ਰਹੀਆਂ ਹਨ ਪਰ ਅਮਲ ਵਿੱਚ ਕੁਝ ਵੀ ਨਹੀਂ ਹੋ ਰਿਹਾ। ਉਨ੍ਹਾਂ ਮੰਗ ਕੀਤੀ ਕਿ ਪਾਰਕਿੰਗ ਲਈ ਨਵੇਂ ਨਿਯਮ ਬਣਾਏ ਜਾਣ, ਕਮਰਸ਼ੀਅਲ ਬਿਲਡਿੰਗਾਂ ਨੂੰ ਪਾਰਕਿੰਗ ਸਪੇਸ ਅਤੇ ਸ਼ਹਿਰ ਵਿੱਚ ਮਲਟੀ-ਲੇਵਲ ਪਾਰਕਿੰਗਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਪ੍ਰਸ਼ਾਸਨ ਜਾਂ ਸਰਕਾਰ ਇਸ ਮਸਲੇ ਦੇ ਹੱਲ ਲਈ ਠੋਸ ਕਦਮ ਨਹੀਂ ਚੁੱਕੇ ਤਾਂ ਉਹ ਹਾਈ ਕੋਰਟ ਦਾ ਬੂਹਾ ਖੜਕਾਉਣਗੇ।
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਵੀ ਵਿਧਾਨ ਸਭਾ ਵਿੱਚ ਚੁੱਕਿਆ ਸੀ ਮੁੱਦਾ
ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪਿਛਲੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼ਹਿਰ ਵਿੱਚ ਵਾਹਨ ਪਾਰਕਿੰਗ ਅਤੇ ਟਰੈਫ਼ਿਕ ਸਮੱਸਿਆ ਦਾ ਮੁੱਦਾ ਚੁੱਕਿਆ ਸੀ ਪਰ ਹਾਲੇ ਵੀ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ। ਵਿਧਾਇਕ ਸ਼ਹਿਰ ਦੇ ਨਾਮੀ ਹਸਪਤਾਲਾਂ ਦੇ ਬਾਹਰ ਸੜਕ ਦੇ ਦੋਵੇਂ ਪਾਸੇ ਵਾਹਨ ਖੜ੍ਹੇ ਹੋਣ ਕਾਰਨ ਪੈਦਾ ਹੋ ਰਹੀ ਆਵਾਜਾਈ ਸਮੱਸਿਆ ਦਾ ਵੀ ਖਾਸ ਤੌਰ ’ਤੇ ਜ਼ਿਕਰ ਕੀਤਾ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ।