ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਲਈ ਲਾਮਬੰਦੀ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 30 ਨਵੰਬਰ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ ਭਲਕੇ 23 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਅੱਜ ਮਜ਼ਦੂਰ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਜ਼ੋਨਲ ਆਗੂ ਗੁਰਚਰਨ ਸਿੰਘ ਘਰਾਚੋਂ ਨੇ ਕਿਹਾ ਕਿ ਕੰਮੀਆਂ ਦੇ ਵਿਹੜੇ ਦੀ ਬਾਤ ਪਾਉਣ ਵਾਲੇ ਮੁੱਖ ਮੰਤਰੀ ਵੱਲੋਂ ਵੀ ਅੱਜ ਇਨ੍ਹਾਂ ਮਜ਼ਦੂਰਾਂ ਨੂੰ ਗੁਰਬਤ ਦੀ ਜ਼ਿੰਦਗੀ ਵਿੱਚੋਂ ਕੱਢਣ ਲਈ ਕੋਈ ਠੋਸ ਯਤਨ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਮਜ਼ਦੂਰਾਂ ਨੂੰ ਮਾੜੇ ਹਾਲਾਤਾਂ ਵਿੱਚੋਂ ਨਿਕਲਣ ਲਈ ਸੰਘਰਸ਼ਾਂ ਦਾ ਪਿੜ ਮੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭੂਮੀ ਸੁਧਾਰ ਕਾਨੂੰਨ 1972 ਦੇ ਮੁਤਾਬਕ ਸੰਗਰੂਰ ਦੇ ਨੇੜੇ ਜੀਂਦ ਰਿਆਸਤ ਦੀ ਬੇਚਿਰਾਗ ਪਿੰਡ ਦੇ ਨਾਂ ਪਈ 927 ਏਕੜ ਜ਼ਮੀਨ ਨੂੰ ਦਲਿਤਾਂ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਸੁਸਾਇਟੀ ਬਣਾ ਕੇ ਪੱਕੇ ਤੌਰ ’ਤੇ ਘੱਟ ਰੇਟ ’ਤੇ ਆਦਿ ਮੰਗਾਂ ਨੂੰ ਲੈ ਕੇ 23 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਾਅਦਾਖ਼ਿਲਾਫ਼ੀ ਦੇ ਦੋਸ਼ ਵੀ ਲਾਏ। ਇਸ ਮੌਕੇ ਇਕਾਈ ਆਗੂ ਕਰਮਜੀਤ ਘਰਾਚੋਂ, ਤਰਸੇਮ ਸਿੰਘ, ਜੀਤ ਸਿੰਘ, ਕਰਮਾਂ ਘਰਾਚੋਂ, ਅੰਗਰੇਜ਼ ਕੌਰ, ਬਿੰਦਰ ਕੌਰ, ਮਨਜੀਤ ਕੌਰ ਅਤੇ ਰਾਜ ਕੌਰ ਹਾਜ਼ਰ ਸਨ।