ਮੇਅਰ ਨੇ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ
ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 10 ਜੂਨ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਫੇਜ਼-6 (ਵਾਰਡ ਨੰਬਰ-49) ਵਿੱਚ ਅੰਦਰਲੀ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਨ੍ਹਾਂ ਸੜਕਾਂ ਤੋਂ ਪੁਰਾਣਾ ਮਲਬਾ ਹਟਾ ਕੇ ਨਵੇਂ ਸਿਰਿਓਂ ਪ੍ਰੀਮਿਕਸ ਪਾਇਆ ਜਾਵੇਗਾ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ ਤੇ ਸਮਾਜ ਸੇਵੀ ਲਖਬੀਰ ਸਿੰਘ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਕੰਮ ’ਤੇ 91 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੀਆਂ ਲਗਪਗ ਸਾਰੀਆਂ ਅੰਦਰਲੀ ਸੜਕਾਂ ਦੀ ਮੁਰੰਮਤ ਅਤੇ ਨਵੇਂ ਸਿਰਿਓਂ ਪ੍ਰੀਮਿਕਸ ਪਾਇਆ ਜਾਵੇਗਾ। ਇਸ ਸਬੰਧੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਅਤੇ ਜਨਰਲ ਹਾਊਸ ਵਿੱਚ ਮਤੇ ਪਾਸ ਕੀਤੇ ਗਏ ਸਨ। ਹੁਣ ਟੈਂਡਰ ਹੋਣ ਤੋਂ ਬਾਅਦ ਸੜਕਾਂ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜੀਤੀ ਸਿੱਧੂ ਨੇ ਭਰੋਸਾ ਦਿੱਤਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਅਤੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਸ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਵਿਕਾਸ ਕੰਮਾਂ ਵਿੱਚ ਕੁਆਲਿਟੀ ਪੱਖੋਂ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਮੇਂ-ਸਮੇਂ ’ਤੇ ਵਿਕਾਸ ਕਾਰਜਾਂ ਦੀ ਜਾਂਚ ਅਤੇ ਨਜ਼ਰਸਾਨੀ ਕੀਤੀ ਜਾਵੇ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਸਰਵੇਖਣ ਕਰਵਾਇਆ ਗਿਆ ਹੈ। ਜਿਸ ਦਾ ਮਾਡਲ ਤਿਆਰ ਹੋ ਚੁੱਕਾ ਹੈ, ਇਸ ਕੰਮ ’ਤੇ 200 ਕਰੋੜ ਦਾ ਖਰਚਾ ਆਉਣ ਦਾ ਅਨੁਮਾਨ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਹਾਲੀ ਨਗਰ ਨਿਗਮ ਨੂੰ ਫੌਰੀ ਗਰਾਂਟ ਦਿੱਤੀ ਜਾਵੇ।