ਮੇਅਰ ਵੱਲੋਂ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
ਮੁਕੇਸ਼ ਕੁਮਾਰ
ਚੰਡੀਗੜ੍ਹ, 3 ਫਰਵਰੀ
ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਨਗਰ ਨਿਗਮ ਦੇ ਸਾਰੇ ਕੌਂਸਲਰਾਂ ਅਤੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ। ਨਿਗਮ ਦੇ ਕਾਨਫਰੰਸ ਹਾਲ ਵਿੱਚ ਕੀਤੀ ਗਈ ਮੀਟਿੰਗ ਤੋਂ ਪਹਿਲਾ ਮੇਅਰ ਬਬਲਾ ਨੇ ਸਾਥੀ ਕੌਂਸਲਰਾਂ ਅਤੇ ਨਿਗਮ ਅਧਿਕਾਰੀਆਂ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਆਪਣੇ ਸੰਖੇਪ ਭਾਸ਼ਣ ਵਿੱਚ ਨਗਰ ਨਿਗਮ ਵੱਲੋਂ ਸਮੇਂ ਸਿਰ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਸਾਰੇ ਕੌਂਸਲਰਾਂ ਤੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਨਗਰ ਨਿਗਮ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਮੁੱਦੇ ਅਤੇ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਦਾ ਇੱਕ ਸਾਰ ਅਤੇ ਸਮੁੱਚਾ ਵਿਕਾਸ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਪਣੇ ਸਾਰੇ ਸਾਥੀ ਕੌਂਸਲਰਾਂ ਅਤੇ ਨਗਰ ਨਿਗਮ ਅਧਿਕਾਰੀਆਂ ਦੇ ਸਹਿਯੋਗ ਨਾਲ ਬਾਕੀ ਰਹਿੰਦੇ ਵਿਕਾਸ ਕਾਰਜ ਜਲਦੀ ਹੀ ਪੂਰੇ ਕਰ ਲਏ ਜਾਣਗੇ।
ਮੇਅਰ ਨੇ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਨੂੰ ਯਕੀਨੀ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਵੀ ਜ਼ਰੂਰੀ ਹੈ। ਮੇਅਰ ਹਰਪ੍ਰੀਤ ਕੌਰ ਬਬਲਾ ਨੇ ਫੰਡਾਂ ਦੇ ਪ੍ਰਬੰਧਾਂ ਦੀ ਸਥਿਤੀ, ਯੂਟੀ ਪ੍ਰਸ਼ਾਸਨ ਅਤੇ ਐਮਸੀਸੀ ਦੀ ਤਾਲਮੇਲ ਮੀਟਿੰਗ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਦੀ ਤਿਆਰੀ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ ਵਿੱਚ ਸੁਧਾਰ, ਸਵੱਛ ਸਰਵੇਖਣ 2024 ਵਿੱਚ ਬਿਹਤਰ ਦਰਜੇ ਲਈ ਕੰਮ, ਵਾਰਡ ਵਿਕਾਸ ਫੰਡ ਨਾਲ ਸਬੰਧਤ ਕੰਮਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਸ਼ਹਿਰ ਦੀ ਸਾਫ ਸਫਾਈ ਦੇ ਮੁੱਦੇ ਨੂੰ ਪਹਿਲ ਦੇ ਆਧਾਰ ’ਤੇ ਲੈਣ ਸਮੇਤ ਹੋਰ ਮਹੱਤਵਪੂਰਨ ਮੁੱਦਿਆਂ ਉੱਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੰਮ ਵਿੱਚ ਲਾਪ੍ਰਵਾਹੀ ਪਾਈ ਗਈ, ਸਬੰਧਿਤ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਸੈਨੀਟੇਸ਼ਨ ਇੰਸਪੈਕਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਆਪਣੇ-ਆਪਣੇ ਖੇਤਰਾਂ ਵਿੱਚ ਸਫ਼ਾਈ ਪ੍ਰਣਾਲੀ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕਰਨਗੇ। ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ, ਜੁਆਇੰਟ ਕਮਿਸ਼ਨਰ ਗੁਰਿੰਦਰ ਸਿੰਘ ਸੋਢੀ, ਸੁਮਿਤ ਸਿਹਾਗ ਤੇ ਸ਼ਸ਼ੀ ਵਸੁੰਧਰਾ, ਬਾਗਬਾਨੀ ਤੇ ਬਿਜਲੀ ਦੇ ਸੁਪਰਿਟੇਂਡੈਂਟ ਇੰਜੀਨੀਅਰ ਕਿਸ਼ਨ ਪਾਲ ਸਿੰਘ ਸਣੇ ਹੋਰ ਸੀਨੀਅਰ ਅਧਿਕਾਰੀ ਅਤੇ ਨਿਗਮ ਦੇ ਸਮੂਹ ਕੌਂਸਲਰ ਸ਼ਾਮਲ ਸਨ।
ਵਧਾਈ ਦੇਣ ਵਾਲਿਆਂ ਦੀ ਭੀੜ ਲੱਗੀ
ਮੇਅਰ ਹਰਪ੍ਰੀਤ ਕੌਰ ਬਬਲਾ ਦੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਸੋਮਵਾਰ ਨੂੰ ਵਿੱਚ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਮੇਲਾ ਲੱਗਿਆ ਰਿਹਾ। ਸਵੇਰ ਤੋਂ ਹੀ ਵਧਾਈ ਦੇਣ ਵਾਲੇ ਉਨ੍ਹਾਂ ਦੇ ਦਫ਼ਤਰ ਪੁੱਜਣਾ ਸ਼ੁਰੂ ਹੋ ਗਏ ਸਨ ਅਤੇ ਮੇਅਰ ਬਬਲਾ ਦੇ ਦਫਤਰ ਪਹੁੰਚਣ ਤੋਂ ਬਾਅਦ ਉਨ੍ਹਾਂ ਦਾ ਫੁੱਲ-ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ। ਚੰਡੀਗੜ੍ਹ ਵਪਾਰ ਮੰਡਲ ਤੋਂ ਸੰਜੀਵ ਚੱਢਾ, ਬਲਜਿੰਦਰ ਗੁਜਰਾਲ ਤੇ ਬਲਵਿੰਦਰ ਸਿੰਘ ‘ਉੱਤਮ’ ਸਮੇਤ ਸਾਬਕਾ ਮੇਅਰ ਆਸ਼ਾ ਜੈਸਵਾਲ, ਭਾਜਪਾ ਆਗੂ ਰਵਿੰਦਰ ਪਠਾਨੀਆ ਅਤੇ ਭਾਜਪਾ ਆਗੂਆਂ ਸਮੇਤ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੇਅਰ ਹਰਪ੍ਰੀਤ ਕੌਰ ਬਬਲਾ ਨੂੰ ਮੇਅਰ ਦਾ ਅਹੁਦਾ ਸੰਭਾਲਣ ਦੀ ਵਧਾਈ ਦਿੱਤੀ।
ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਚੁਣੇ ਗਏ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਤਰੁਣਾ ਮਹਿਤਾ ਨੇ ਅੱਜ ਚੰਡੀਗੜ੍ਹ ਕਾਂਗਰਸ ਦੇ ਸੂਬਾ ਪ੍ਰਧਾਨ ਏਕੇ ਐੱਸ ਲੱਕੀ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ। ਹੈਰਾਨੀ ਵਾਲੀ ਗੱਲ ਇਹ ਰਹੀ ਕਿ ਕਾਂਗਰਸ ਪਾਰਟੀ ਦੇ ਇਸ ਜਸ਼ਨ ਵਿੱਚ ਮੇਅਰ ਚੋਣਾਂ ਲਈ ਪਾਰਟੀ ਦੀ ਭਾਈਵਾਲ ਰਹੀ ਆਮ ਆਦਮੀ ਪਾਰਟੀ ਦਾ ਕੋਈ ਲੀਡਰ ਜਾਂ ਕੌਂਸਲਰ ਨਜ਼ਰ ਨਹੀਂ ਆਇਆ, ਜਿਸ ਤੋਂ ਸਾਫ ਜ਼ਾਹਿਰ ਹੈ ਕਿ ਮੇਅਰ ਚੋਣ ਵਿੱਚ ਹੋਈ ਕਰਾਸ ਵੋਟਿੰਗ ਲਈ ‘ਆਪ’ ਦੀਆਂ ਅੱਖਾਂ ਵਿੱਚ ਕਾਂਗਰਸ ਨੂੰ ਲੈ ਕੇ ‘ਰੜਕ’ ਹੈ ਅਤੇ ਇਸ ਹਾਰ ਕਾਰਨ ਸਦਮੇ ਵਿੱਚ ਹੈ। ਅਹੁਦਾ ਸੰਭਾਲਣ ਤੋਂ ਪਹਿਲਾ ਨਗਰ ਨਿਗਮ ਭਵਨ ਨੇੜੇ ਸਥਿਤ ਹੋਟਲ ਸ਼ਿਵਾਲਿਕਵਿਊ ਤੋਂ ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚਐੱਸ ਲੱਕੀ ਦੀ ਅਗਵਾਈ ਹੇਠ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਤਰੁਣਾ ਮਹਿਤਾ ਢੋਲ ਢਮੱਕੇ ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਸੈਂਕੜੇ ਸਮਰਥਕਾਂ ਸਣੇ ਨਗਰ ਨਿਗਮ ਦਫ਼ਤਰ ਪੁੱਜੇ। ਇੱਥੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪਹਿਲਾਂ ਹੀ ਮੌਜੂਦ ਸਨ। ਉਨ੍ਹਾਂ ਕੌਂਸਲਰ ਜਸਬੀਰ ਸਿੰਘ ਬੰਟੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਨੂੰ ਡਿਪਟੀ ਮੇਅਰ ਦਾ ਅਹੁਦਾ ਸੰਭਾਲਣ ਦੀ ਵਧਾਈ ਦਿੱਤੀ। ਇਸ ਮੌਕੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਉਨ੍ਹਾਂ ਦੇ ਇਹ ਦੋਵੇਂ ਅਹੁਦੇਦਾਰ ਆਪਸ ਵਿੱਚ ਤਾਲਮੇਲ ਬਣਾ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਨਗਰ ਨਿਗਮ ਵਿੱਚ ਇਹ ਅਹੁਦੇ 12 ਸਾਲਾਂ ਬਾਅਦ ਮਿਲੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਤਰੁਨਾ ਮਹਿਤਾ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਚੌਵੀਂ ਘੰਟੇ ਹਾਜ਼ਰ ਰਹਿਣਗੇ। ਇਸ ਮੌਕੇ ਜਸਬੀਰ ਸਿੰਘ ਬੰਟੀ ਅਤੇ ਕੌਂਸਲਰ ਤਰੁਣਾ ਮਹਿਤਾ ਦੇ ਪਰਿਵਾਰਕ ਮੈਂਬਰ, ਸਾਬਕਾ ਮੇਅਰ ਕਮਲੇਸ਼ ਬਨਾਰਸੀ ਦਾਸ ਅਤੇ ਸਾਬਕਾ ਮੇਅਰ ਸੁਰਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।