ਮੇਅਰ ਵੱਲੋਂ ਮੀਂਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਦਵਿੰਦਰ ਸਿੰਘ
ਯਮੁਨਾਨਗਰ, 28 ਜੂਨ
ਮੇਅਰ ਸੁਮਨ ਬਾਹਮਣੀ ਨੇ ਤਿੰਨ ਦਿਨਾਂ ਤੋਂ ਮੀਂਹ ਕਾਰਨ ਸ਼ਹਿਰ ਦੀਆਂ ਵੱਖ ਵੱਖ ਕਲੋਨੀਆਂ ਵਿੱਚ ਬਰਸਾਤੀ ਪਾਣੀ ਭਰਨ ਦੇ ਕਾਰਨਾਂ ਨੂੰ ਜਾਣਨ ਲਈ ਵਾਰਡ ਨੰਬਰ 1, 8, 10, 20, 21 ਅਤੇ 22 ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਨਿਗਮ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਬਰਸਾਤੀ ਪਾਣੀ ਭਰਨ ਤੋਂ ਪ੍ਰਭਾਵਿਤ ਲੋਕਾਂ ਦੇ ਘਰਾਂ ਦੇ ਹੋਏ ਨੁਕਸਾਨ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕੌਂਸਲਰ ਰੀਨਾ ਰਸਤੋਗੀ ਦੇ ਨਾਲ, ਰਟੌਲੀ ਪਿੰਡ ਵਿੱਚ ਬਣ ਰਹੇ ਨਾਲੇ ਦੇ ਨਿਰਮਾਣ ਕਾਰਜ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਲੋਕਾਂ ਵੱਲੋਂ ਨਾਲੇ ਦੇ ਨਿਰਮਾਣ ਵਿੱਚ ਘਟੀਆ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਦੀ ਸ਼ਿਕਾਇਤ ਕੀਤੀ ਗਈ ਤਾਂ ਮੇਅਰ ਨੇ ਨਿਰਮਾਣ ਕਾਰਜ ਕਰ ਰਹੀ ਏਜੰਸੀ ਨੂੰ ਸਖ਼ਤ ਹਦਾਇਤਾਂ ਦਿੰਦੇ ਹੋਏ ਨਿਗਮ ਅਧਿਕਾਰੀਆਂ ਨੂੰ ਨਾਲੇ ਦੀ ਨਿਰਮਾਣ ਸਮੱਗਰੀ ਦੀ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ। ਮੇਅਰ ਨੇ ਸਫਾਈ ਅਧਿਕਾਰੀਆਂ ਨੂੰ ਸਾਰੇ ਕੌਂਸਲਰਾਂ ਨਾਲ ਤਾਲਮੇਲ ਕਰਨ ਅਤੇ ਪਾਣੀ ਭਰਨ ਵਾਲੇ ਸਥਾਨਾਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਾਲੀਆਂ ਵਿੱਚੋਂ ਗੰਦਗੀ ਅਤੇ ਗਾਰਾ ਤੁਰੰਤ ਸਾਫ਼ ਕਰਨ ਦੇ ਨਿਰਦੇਸ਼ ਦਿੱਤੇ। ਮੇਅਰ ਨੇ ਸਪੱਸ਼ਟ ਕੀਤਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ।
ਸ਼ਹਿਰ ਨੂੰ ਸੁੰਦਰ ਬਣਾਉਣ ਲਈ ਧਿਆਨ ਦੇਣਾ ਪਵੇਗਾ: ਡੀਸੀ
ਸ਼ਾਹਬਾਦ (ਸਤਨਾਮ ਸਿੰਘ): ਡਿਪਟੀ ਕਮਿਸ਼ਨਰ ਨੇਹਾ ਸਿੰਘ ਨੇ ਕਿਹਾ ਹੈ ਕਿ ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ ਅਤੇ ਸੁੰਦਰ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣੇ ਪੈਣਗੇ ਤੇ ਸ਼ਹਿਰ ਨੂੰ ਸਾਫ ਰੱਖਣ ਲਈ ਸਫਾਈ ਵਲ ਪੂਰਾ ਧਿਆਨ ਦੇਣਾ ਪਵੇਗਾ। ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਆਮ ਨਾਗਰਿਕਾਂ ਦੇ ਸਹਿਯੋਗ ਦੀ ਵੀ ਲੋੜ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਨੂੰ ਸਾਫ ਸੁਥਰਾ ਰਖੱਣ ਲਈ ਐੱਸਡੀਐੱਮ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਥਾਨੇਸਰ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਇਹ ਸਫ਼ਾਈ ਮੁਹਿੰਮ ਹੌਲੀ-ਹੌਲੀ ਇਕ ਜਨ ਲਹਿਰ ਦਾ ਰੂਪ ਧਾਰਨ ਕਰ ਚੁੱਕੀ ਹੈ। ਉੁਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਯਤਨ ਸਾਫ ਦਿਖਾਈ ਦੇ ਰਹੇ ਹਨ, ਇਸ ਲਈ ਸਫਾਈ ਟੀਮ ਦੇ ਅਧਿਕਾਰੀ ਤੇ ਕਰਮਚਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੁਕਾਨਾਂ ਦਾ ਕੂੜਾ ਘਰ-ਘਰ ਆਉਣ ਵਾਲੇ ਟਿੱਪਰਾਂ ਵਿੱਚ ਹੀ ਸੁੱਟਣ।