ਸਤਨਾਮ ਸਿੰਘ ਸੱਤੀਮਸਤੂਆਣਾ ਸਾਹਿਬ, 10 ਅਪਰੈਲਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਅੱਜ ਮਸਤੂਆਣਾ ਸਾਹਿਬ ਵਿੱਚ ਸੂਬਾ ਪੱਧਰੀ ਮੀਟਿੰਗ ਸੂਬਾਈ ਆਗੂ ਗੁਰਮੇਲ ਸਿੰਘ ਮਹੌਲੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ, ਮਨਜੀਤ ਸਿੰਘ ਨਿਆਲ, ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੋਰਚਿਆਂ ਨੂੰ ਸਾਜ਼ਿਸ਼ ਤਹਿਤ ਉਖਾੜਿਆ ਤੇ ਕਿਸਾਨ ਆਗੂਆਂ ਸਮੇਤ ਸੈਂਕੜੇ ਕਿਸਾਨਾਂ ਤੇ ਔਰਤਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਮੋਰਚਿਆਂ ਨੂੰ ਲੁੱਟਣ ਤੋਂ ਬਾਅਦ ਜੇਸੀਬੀ ਮਸ਼ੀਨਾਂ ਨਾਲ ਕਿਸਾਨਾਂ ਦੇ ਆਰਜ਼ੀ ਤੇ ਪੱਕੇ ਸ਼ੈੱਡਾਂ ਨੂੰ ਤਹਿਸ-ਨਹਿਸ ਕਰਕੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ ਹੈ ਪਰ ਅਜੇ ਤੱਕ ਮੋਰਚਿਆਂ ਦੀ ਲੁੱਟ ਕਰਾਉਣ ਵਾਲੇ ਸਰਕਾਰੀ ਤੇ ਗੈਰ ਸਰਕਾਰੀ ਗ਼ਲਤ ਅਨਸਰਾਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਹੀਂ ਹੋਇਆ। ਕਿਸਾਨ ਆਗੂਆਂ ਨੇ ਕਿਹਾ ਕਿ 16 ਤਰੀਕ ਨੂੰ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਹੋਣੀ ਹੈ, ਜਿਸ ਵਿੱਚ ਪੰਜਾਬ ਦੇ ਕਿਸਾਨ ਪੰਜਾਬ ਸਰਕਾਰ ਖ਼ਿਲਾਫ਼ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨਗੇ। ਇਸ ਮੌਕੇ ਸੂਬਾਈ ਆਗੂ ਲਖਵੀਰ ਸਿੰਘ ਦਾਉਧਰ, ਔਰਤ ਵਿੰਗ ਦੀ ਸੂਬਾਈ ਆਗੂ ਬਲਜੀਤ ਕੌਰ ਕਿਲਾ ਭਰੀਆਂ, ਗੁਰਪ੍ਰੀਤ ਕੌਰ, ਦਵਿੰਦਰ ਕੌਰ ਹਰਦਾਸਪੁਰ ਅਤੇ ਕਰਮਜੀਤ ਕੌਰ ਭਿੰਡਰਾਂ ਹਾਜ਼ਰ ਸਨ।