ਮੌਨਸੂਨ ਮੌਸਮ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਤਿਆਰੀਆਂ ਵਿੱਢੀਆਂ
ਪੱਤਰ ਪ੍ਰੇਰਕ
ਪਿਹੋਵਾ, 6 ਜੂਨ
ਐੱਸਡੀਐੱਮ ਕਪਿਲ ਕੁਮਾਰ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਨੂੰ ਦੇਖਦੇ ਹੋਏ ਸਬ-ਡਿਵੀਜ਼ਨ ਪਿਹੋਵਾ ਵਿੱਚ ਸਫਾਈ ਦਾ ਕੰਮ ਲਗਾਤਾਰ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਮੀਂਹ ਦੇ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕਥਾਮ ਦੇ ਕੰਮਾਂ ਲਈ ਲਗਪਗ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸ਼ਹਿਰ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਸੀਵਰੇਜ, ਨਾਲੀਆਂ ਅਤੇ ਹੋਰ ਡਰੇਨੇਜ ਥਾਵਾਂ ਦੀ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਪਣੇ ਦਫ਼ਤਰ ਵਿੱਚ ਹੜ੍ਹ ਨਾਲ ਸਬੰਧਤ ਕੰਮਾਂ ਦੀ ਰਿਪੋਰਟ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਐੱਸਡੀਐੱਮ ਕਪਿਲ ਕੁਮਾਰ ਨੇ ਕਿਹਾ ਕਿ ਪਿਹੋਵਾ ਵਿੱਚ ਵੱਖ-ਵੱਖ ਥਾਵਾਂ ’ਤੇ ਸੀਵਰੇਜ ਲਾਈਨਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਾਲੀਆਂ ਅਤੇ ਹੋਰ ਤਰ੍ਹਾਂ ਦੇ ਬਰਸਾਤੀ ਪਾਣੀ ਦੇ ਨਿਕਾਸ ਵਾਲੇ ਸਥਾਨਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗੀ ਪੱਧਰ ’ਤੇ ਨਿਗਰਾਨੀ ਕਰਕੇ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਮੌਨਸੂਨ ਦੌਰਾਨ ਕੋਈ ਮੁਸ਼ਕਲ ਨਾ ਆਵੇ। ਨਾਲੀਆਂ ਦੀ ਸਫਾਈ ਦਾ ਕੰਮ ਲਗਾਤਾਰ ਕੀਤਾ ਜਾ ਰਿਹਾ ਹੈ। ਸਾਰੇ ਵਿਭਾਗ ਮੁਖੀ ਮੀਂਹ ਇਸ ਸਬੰਧੀ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਭਰਨ ਵਾਲੇ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਲਈ ਚੈਂਬਰ ਨਿਰਮਾਣ ਆਦਿ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇ।