ਮੰਗਾਂ ਮਨਵਾਉਣ ਲਈ ਕਿਸਾਨ ਇਕਜੁੱਟ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ

ਫਿਲੌਰ ਦੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ। -ਫ਼ੋਟੋ: ਗਿੱਲ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਦੇ ਹੱਕ ਵਿਚ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ। ਮੰਗ ਪੱਤਰ ਦੇਣ ਤੋਂ ਪਹਿਲਾਂ ਇਨ੍ਹਾਂ ਕਾਰਕੁਨਾਂ ਨੇ ਰੋਸ ਵਿਖਾਵਾ ਵੀ ਕੀਤਾ। ਇਸ ਮੌਕੇ ਡਾ. ਸਤਨਾਮ ਸਿੰਘ ਅਜਨਾਲਾ, ਰਤਨ ਸਿੰਘ ਰੰਧਾਵਾ, ਜਤਿੰਦਰ ਸਿੰਘ ਛੀਨਾ, ਅਵਤਾਰ ਸਿੰਘ ਜੱਸੜ, ਬਲਵਿੰਦਰ ਸਿੰਘ ਦੁਧਾਲਾ, ਗੁਰਭੇਜ ਸਿੰਘ ਸੈਦੋਲੈਲ, ਹਰਜੀਤ ਸਿੰਘ ਝੀਤੇ, ਗੁਰਦਿਆਲ ਸਿੰਘ ਪੰਡੋਰੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਦਾ ਵਾਅਦਾ ਕੀਤਾ ਸੀ, ਪਰ ਹਾਲੇ ਵਾਅਦਾ ਪੂਰਾ ਨਹੀਂ ਹੋਇਆ। ਸਮੂਹ ਖੇਤੀ ਜਿਣਸਾਂ ਦੀਆਂ ਘੱਟੋ ਘੱਟ ਕੀਮਤਾਂ 50 ਫੀਸਦੀ ਮੁਨਾਫਾ ਸ਼ਾਮਲ ਕਰਕੇ ਤੈਅ ਕੀਤੀਆਂ ਜਾਣ, ਝੋਨੇ ਦੀ ਖਰੀਦ ਹਰ ਸਾਲ 15 ਸਤੰਬਰ ਤੋਂ ਸ਼ੁਰੂ ਹੋਵੇ ਅਤੇ ਨਮੀ ਦੀ ਦਰ 22 ਫੀਸਦ ਤਕ ਕੀਤੀ ਜਾਵੇ। ਗੰਨੇ ਦੇ ਬਕਾਏ ਤੁਰੰਤ ਦਿੱਤੇ ਜਾਣ, ਹੜ੍ਹ ਪੀੜਤਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਫਸਲ ਦੀ ਤਬਾਹੀ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸੈਦਪੁਰ, ਦਾਰਾ ਸਿੰਘ ਵਰਪਾਲ, ਮੇਜਰ ਸਿੰਘ, ਸ਼ੀਤਲ ਸਿੰਘ, ਸਤਨਾਮ ਸਿੰਘ ਝੰਡੇਰ, ਹਰਭਜਨ ਸਿੰਘ, ਬਾਬਾ ਅਰਜਨ ਸਿੰਘ, ਸ਼ਬੇਗ ਸਿੰਘ, ਸੁੱਚਾ ਸਿੰਘ ਭੋਮਾ ਤੇ ਹੋਰ ਸ਼ਾਮਲ ਸਨ।

ਕਿਸਾਨ ਨੁਮਾਇੰਦਿਆਂ ਦਾ ਵਫ਼ਦ ਡੀਸੀ ਨੂੰ ਮਿਲਿਆ
ਗੁਰਦਾਸਪੁਰ (ਪੱਤਰ ਪ੍ਰੇਰਕ): ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਵੱਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ ਭੇਜ ਕੇ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਕਿਸਾਨ ਨੁਮਾਇੰਦਿਆਂ ਦਾ ਵਫ਼ਦ ਕਾਮਰੇਡ ਬਲਬੀਰ ਸਿੰਘ ਕੱਤੋਵਾਲ, ਸਤਬੀਰ ਸਿੰਘ ਸੁਲਤਾਨੀ, ਕਾਮਰੇਡ ਲਖਵਿੰਦਰ ਸਿੰਘ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਸੰਤੋਖ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮਿਲਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਦੁਹਰਾਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਲੋਕ ਸਿੰਘ ਬਹਿਰਾਮਪੁਰ, ਚੰਨਣ ਸਿੰਘ ਦੋਰਾਂਗਲਾ, ਕਾਮਰੇਡ ਜਸਬੀਰ ਸਿੰਘ ਕੱਤੋਵਾਲ, ਬਲਵਿੰਦਰ ਸਿੰਘ, ਸੁਰਜੀਤ ਘੁਮਾਣ, ਬਲਜੀਤ ਸਿੰਘ ਬਾਜਵਾ ਅਤੇ ਅਸ਼ਵਨੀ ਕੁਮਾਰ ਹਾਜ਼ਰ ਸਨ।

ਐੱਸਡੀਐੱਮ ਦਫ਼ਤਰ ਅੱਗੇ ਧਰਨਾ 3 ਨੂੰ
ਫਿਲੌਰ (ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ, ਪੰਜਾਬ ਦੇ ਸੱਦੇ ’ਤੇ ਅੱਜ ਇੱਥੇ ਇੱਕ ਮੰਗ ਪੱਤਰ ਸਥਾਨਕ ਤਹਿਸੀਲਦਾਰ ਤਪਨ ਭਨੌਟ ਨੂੰ ਦਿੱਤਾ ਗਿਆ। ਜਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਦਿੱਤੇ ਮੰਗ ਪੱਤਰ ਮਗਰੋਂ ਆਗੂਆਂ ਨੇ ਦੱਸਿਆ ਕਿ ਇਹ ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਿਆ ਗਿਆ ਹੈ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੰਤੋਖ ਸਿੰਘ ਸੰਧੂ, ਸੁਰਜੀਤ ਸਿੰਘ ਸਮਰਾ, ਕੁਲਦੀਪ ਫਿਲੌਰ, ਜਸਬੀਰ ਸਿੰਘ ਕੁਲਜੀਤ ਸਿੰਘ, ਬਲਰਾਜ ਸਿੰਘ, ਬਲਬੀਰ ਸਿੰਘ ਨੇ ਐਲਾਨ ਕੀਤਾ ਕਿ 3 ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਜਗਾਉਣ ਵਾਸਤੇ ਐੱਸਡੀਐੱਮ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ

Tags :