ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਵਿੱਚ ਰੋਜ਼ਾਨਾ 166 ਤਸਕਰਾਂ ਦੀ ਗ੍ਰਿਫ਼ਤਾਰੀ
ਆਤਿਸ਼ ਗੁਪਤਾ
ਚੰਡੀਗੜ੍ਹ, 8 ਜੂਨ
ਪੰਜਾਬ ਪੁਲੀਸ ਵੱਲੋਂ ਸੂਬੇ ਨੂੰ ਨਸ਼ਾਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜਾਰੀ ਹੈ। ਪੁਲੀਸ ਨੇ 99 ਦਿਨਾਂ ’ਚ ਰੋਜ਼ਾਨਾ 166 ਜਣਿਆਂ ਦੀਆਂ ਗ੍ਰਿਫ਼ਤਾਰੀਆਂ ਅਤੇ 97 ਕੇਸ ਦਰਜ ਕੀਤੇ ਹਨ। ਭਾਵ ਹਰ ਘੰਟੇ ਔਸਤਨ 7 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ 4 ਕੇਸ ਦਰਜ ਕੀਤੇ ਗਏ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ 1 ਮਾਰਚ 2025 ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਪਹਿਲਾਂ ਪੁਲੀਸ ਵੱਲੋਂ 31 ਮਈ 2025 ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਦਾ ਟੀਚਾ ਮਿੱਥਿਆ ਗਿਆ ਸੀ ਪਰ ਬਾਅਦ ਵਿੱਚ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਪੁਲੀਸ ਨੇ ਪਹਿਲੀ ਮਾਰਚ ਤੋਂ ਹੁਣ ਤੱਕ ਸੂਬੇ ਵਿੱਚ 16,492 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ 9700 ਦੇ ਕਰੀਬ ਪੁਲੀਸ ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਤੋਂ 625 ਕਿੱਲੋ ਹੈਰੋਇਨ, 252 ਕਿਲੋ ਅਫੀਮ, 14976 ਕਿਲੋ ਭੁੱਕੀ, 264 ਕਿਲੋ ਗਾਂਜਾ ਅਤੇ 11 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਅੱਜ 144 ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਪੁਲੀਸ ਨੇ ਅੱਜ 144 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 6.7 ਕਿਲੋ ਹੈਰੋਇਨ ਅਤੇ 440 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਅੱਜ 200 ਤੋਂ ਵੱਧ ਪੁਲੀਸ ਟੀਮਾਂ ਨੇ ਸੂਬੇ ਭਰ ਵਿੱਚ 479 ਥਾਵਾਂ ’ਤੇ ਛਾਪੇਮਾਰੀ ਕਰਕੇ 541 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਹੈ। ਇਸ ਦੌਰਾਨ ਪੁਲੀਸ ਨੇ 144 ਜਣਿਆਂ ਨੂੰ ਕਾਬੂ ਕਰਕੇ 107 ਕੇਸ ਦਰਜ ਕੀਤੇ ਹਨ। ਇਸ ਤੋਂ ਇਲਾਵਾ ਪੁਲੀਸ ਨੇ 89 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।