ਹੁਸ਼ਿਆਰ ਸਿੰਘ ਰਾਣੂਮਾਲੇਰਕੋਟਲਾ, 6 ਜੂਨਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਪੰਜ ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਖੇ 30 ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ, ਕੋਵਿਡ ,ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜ਼ਿੰਦਗੀ ਜਿਊਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਨਸ਼ਾ ਛੱਡਣ ਉਪਰੰਤ ਸਮਾਜ ਦੀ ਵਿਚਾਰਧਾਰਾ ਵਿੱਚ ਸ਼ਾਮਲ ਹੋ ਕੇ ਆਤਮ-ਨਿਰਭਰ ਹੋ ਸਕਣ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿਮ ਤੇ ਪਾਰਕ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ।ਉਨ੍ਹਾਂ ਡੇਂਗੂ ਦੇ ਲਾਰਵੇ ਦਾ ਨਮੂਨਾ ਦਿਖਾਉਂਦਿਆਂ ਦੱਸਿਆ ਕਿ ਅੱਜ ਸਵੇਰੇ ਸਥਾਨਕ ਮੁਹੱਲਾ ਜਮਾਲਪੁਰਾ, ਮਦਰਸਾ ਅਰਬੀਆ ਹਿਫ਼ਜ਼ੁਲ ਕੁਰਾਨ, ਨਾਮਧਾਰੀ ਸ਼ਹੀਦੀ ਸਮਾਰਕ ਸਥਾਨਾਂ ’ਤੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਇਹ ਲਾਰਵਾ ਇਕੱਤਰ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜ਼ਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ, ਐੱਸਐੱਸਪੀ ਗਗਨ ਅਜੀਤ ਸਿੰਘ, ਐੱਸਡੀਐੱਮ ਗੁਰਮੀਤ ਕੁਮਾਰ ਬਾਂਸਲ, ਸਿਵਲ ਸਰਜਨ ਡਾ. ਸੰਜੇ ਗੋਇਲ ਅਤੇ ਮੁੱਖ ਮੰਤਰੀ ਫ਼ੀਲਡ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਹਾਜ਼ਰ ਸਨ।