ਯੂਥ ਕਾਂਗਰਸ ਵੱਲੋਂ ਮੋਦੀ ਸਰਕਾਰ ਦਾ ਸਾਲ ਪੂਰਾ ਹੋਣ ’ਤੇ ਮੁਜ਼ਾਹਰਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਜੂਨ
ਇੰਡੀਅਨ ਯੂਥ ਕਾਂਗਰਸ ਨੇ ਅੱਜ ਮੋਦੀ ਸਰਕਾਰ ਦੀ ਤੀਜੀ ਪਾਰੀ ਦਾ ਪਹਿਲਾ ਸਾਲ ਪੂਰਾ ਹੋਣ ’ਤੇ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਮੁਜ਼ਾਹਰਾ ਕੀਤਾ। ਇਸ ਦੌਰਾਨ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿੱਬ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਦੇ 11 ਸਾਲਾਂ ਦੇ ਕਾਰਜਕਾਲ ’ਤੇ ਨਜ਼ਰ ਮਾਰੀ ਜਾਵੇ ਤਾਂ ਹਰ ਵਾਰ ਮੋਦੀ ਆਤਮ ਸਮਰਪਣ ਕਰਦੇ ਦਿਖਾਈ ਦਿੱਤੇ ਹਨ। ਜਾਣਕਾਰੀ ਅਨੁਸਾਰ ਯੂਥ ਕਾਂਗਰਸ ਦੇ ਵੱਡੀ ਗਿਣਤੀ ਕਾਰਕੁਨਾਂ ਨੇ ਮੁਜ਼ਾਹਰੇ ਵਿੱਚ ਹਿੱਸਾ ਲਿਆ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਦੋਂ ਕਾਂਗਰਸੀ ਕਾਰਕੁਨਾਂ ਨੇ ਰਾਏਸੀਨਾ ਮਾਰਗ ਵੱਲ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਦਿੱਲੀ ਪੁਲੀਸ ਨੇ ਬੈਰੀਕੇਡਿੰਗ ਲਾ ਕੇ ਰੋਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਯੂਥ ਕਾਂਗਰਸ ਦੇ ਕਾਰਕੁਨ ਰਾਇਸਨਾ ਮਾਰਗ ’ਤੇ ਧਰਨਾ ਲਾ ਕੇ ਬੈਠ ਗਏ। ਕਾਂਗਰਸ ਦੇ ਧਰਨੇ ਕਾਰਨ ਕੁਝ ਦੇਰ ਲਈ ਆਵਾਜਾਈ ਪ੍ਰਭਾਵਿਤ ਹੋਈ ਅਤੇ ਬਦਲਵੇਂ ਰੂਟਾਂ ਦਾ ਪ੍ਰਬੰਧ ਵੀ ਕਰਨਾ ਪਿਆ। ਜ਼ਿਕਰਯੋਗ ਹੈ ਕਿ ਕਾਰਕੁਨਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨਾਂ ’ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਲਿਖੇ ਹੋਏ ਸਨ।
ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ, ‘‘ਮੋਦੀ ਜੀ ਕਹਿੰਦੇ ਸਨ ਕਾਲਾ ਧਨ ਵਾਪਸ ਲਿਆਵਾਂਗੇ, ਬੇਰੁਜ਼ਗਾਰੀ ਦੂਰ ਕਰਾਂਗੇ, ਕਿਸਾਨਾਂ ਦੀ ਆਮਦਨ ਦੁੱਗਣੀ ਕਰਾਂਗੇ, ਪਾਕਿਸਤਾਨ, ਚੀਨ ਨੂੰ ਲਾਲ ਅੱਖਾਂ ਦਿਖਾਵਾਂਗੇ ਪਰ ਅੱਜ ਉਨ੍ਹਾਂ ਨੇ ਆਤਮ ਸਮਰਪਣ ਕਰ ਦਿੱਤਾ ਹੈ।’’ ਦਿੱਲੀ ਪ੍ਰਦੇਸ਼ ਯੂਥ ਪ੍ਰਧਾਨ ਅਕਸ਼ੈ ਲਾਕੜਾ ਨੇ ਕਿਹਾ ਕਿ 11 ਸਾਲਾਂ ਤੋਂ ਕੇਂਦਰ ਦੀ ਇਹ ਭਾਜਪਾ ਸਰਕਾਰ ਦੇਸ਼ ਦੇ ਹਰ ਖੇਤਰ ਨੂੰ ਤਬਾਹ ਕਰਨ ਵਿੱਚ ਲੱਗੀ ਹੋਈ ਹੈ। ਮੋਦੀ ਸਰਕਾਰ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਝੂਠ ਫੈਲਾਉਣ ਦੀ ਆਦੀ ਹੋ ਗਈ ਹੈ। ਲੋਕਾਂ ਨੂੰ ‘ਮਨ ਕੀ ਬਾਤ’ ਦੱਸਣ ਵਾਲੇ ਪ੍ਰਧਾਨ ਮੰਤਰੀ 11 ਸਾਲਾਂ ਤੋਂ ‘ਜਨ ਕੀ ਬਾਤ’ ਅਤੇ ਉਨ੍ਹਾਂ ਦੇ ਸਵਾਲਾਂ ਤੋਂ ਭੱਜਦੇ ਰਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਡਰ ਹੈ ਕਿ ਲੋਕ ਉਨ੍ਹਾਂ ਤੋਂ ਬੇਰੁਜ਼ਗਾਰੀ, ਮਹਿੰਗਾਈ, ਗਰੀਬੀ, ਔਰਤਾਂ ਦੀ ਸੁਰੱਖਿਆ, ਡਿੱਗਦਾ ਰੁਪਏ, ਡਿੱਗਦੀ ਅਰਥਵਿਵਸਥਾ, ਮਨੀਪੁਰ, ਪੁਲਵਾਮਾ ਤੋਂ ਪਹਿਲਗਾਮ ਆਦਿ ਸਾਰੇ ਮੁੱਦਿਆਂ ’ਤੇ ਸਵਾਲ ਪੁੱਛ ਸਕਦੇ ਹਨ। ਉਨ੍ਹਾਂ ਨੂੰ ਆਪਣੀ ਸਰਕਾਰ ਦੀ ਸੱਚਾਈ ਦਿਖਾਈ ਦੇ ਸਕਦੀ ਹੈ ਜੋ ਹਰ ਮੁਕਾਮ ’ਤੇ ਅਸਫਲ ਰਹੀ ਹੈ। ਇਸ ਤੋਂ ਇੱਕ ਗੱਲ ਸਪੱਸ਼ਟ ਹੈ ਕਿ 11 ਸਾਲਾਂ ਦੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਲੋਕਤੰਤਰ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪ੍ਰਧਾਨ ਮੰਤਰੀ ਨੇ ਨਾ ਤਾਂ ਕੋਈ ਜਵਾਬ ਦਿੱਤਾ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਜ਼ਿੰਮੇਵਾਰੀ ਨਿਭਾਈ ਹੈ।