ਯੂਪੀਐੱਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ
ਪੱਤਰ ਪ੍ਰੇਰਕ
ਪਾਇਲ, 4 ਫਰਵਰੀ
ਕੇਂਦਰ ਸਰਕਾਰ ਵੱਲੋਂ ਏਕੀਕ੍ਰਿਤ ਪੈਨਸ਼ਨ ਯੋਜਨਾ (ਯੂਪੀਐੱਸ) ਦਾ ਬੀਤੇ 25 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਭਾਰਤ ਦੇ ਸਮੁੱਚੇ ਕਰਮਚਾਰੀਆਂ ਨਾਲ ਇੱਕ ਹੋਰ ਧੋਖਾ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਖ਼ਿਲਾਫ਼ ਸੀਪੀਐੱਫ ਯੂਨੀਅਨ ਪ੍ਰਧਾਨ ਸੁਖਜੀਤ ਸਿੰਘ ਦੇ ਸੱਦੇ ’ਤੇ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਅਤੇ ਪਲਵਿੰਦਰ ਕੌਰ ਦੀ ਅਗਵਾਈ ਹੇਠ ਯੂਨੀਫਾਈਡ ਪੈਨਸ਼ਨ ਸਕੀਮ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਐੱਸਓਪੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁਲਾਜ਼ਮਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਤੋਰਨ ਦੀ ਸਕੀਮ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫ਼ਿਕੇਸ਼ਨ ਤਾਂ ਕਰ ਦਿੱਤਾ ਹੈ ਪਰ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓਪੀਐੱਸ ਲਾਗੂ ਕਰੇ ਅਤੇ ਤੁਰੰਤ ਜੀਪੀਐੱਫ਼ ਖਾਤੇ ਖੋਲੇ। ਇਸ ਮੌਕੇ ਗੁਰਪ੍ਰੀਤ ਸਿੰਘ ਖੱਟੜਾ, ਅਮਰੀਕ ਸਿੰਘ, ਗੁਰਮੇਲ ਸਿੰਘ, ਜੰਗ ਸਿੰਘ, ਗੁਰਪ੍ਰੀਤ ਸਿੰਘ, ਪਲਵਿੰਦਰ ਕੌਰ, ਹਰਿੰਦਰ ਕੌਰ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ ਖੱਟੜਾ ਤੇ ਆਸ਼ਾ ਰਾਣੀ ਸ਼ਾਮਲ ਹੋਏ।