ਰਾਜਪਾਲ ਵੱਲੋਂ ਸਿਵਲ ਸੇਵਾ ਪ੍ਰੀਖ਼ਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸਿਵਲ ਸੇਵਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸਿਵਲ ਸੇਵਾ ਪ੍ਰੀਖ਼ਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਣ ਲਈ ਵੱਧ ਚੜ ਕੇ ਕਾਰਜ ਕਰਨ ਅਤੇ ਲੋਕ ਹਿੱਤ ਵਿੱਚ ਫ਼ੈਸਲੇ ਲੈਣ ਲਈ ਪ੍ਰੇਰਿਆ ਗਿਆ। ਇਸ ਦੇ ਨਾਲ ਹੀ ਕਟਾਰੀਆ ਨੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਬਾਂਹ ਫੜਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਧੇਰੇ ਵਾਰ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਸਹੂਲਤਾਂ ਦੀ ਘਾਟ ਕਰਕੇ ਪਿੱਛੇ ਰਹਿ ਜਾਂਦੇ ਹਨ। ਇਸ ਲਈ 90 ਫ਼ੀਸਦ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਮਦਦ ਕਰਨੀ ਚਾਹੀਦੀ ਹੈ। ਸ੍ਰੀ ਕਟਾਰੀਆ ਨੇ ਕਿਹਾ ਕਿ ਸਿੱਖਿਆ ਰਾਸ਼ਟਰ ਨਿਰਮਾਣ ਲਈ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਇਸ ਲਈ ਸਿਵਲ ਸੇਵਾਵਾਂ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਤੇ ਰਾਸ਼ਟਰ ਭਾਵਨਾ ਨਾਲ ਸਬੰਧਤ ਮੁੱਦਿਆ ਬਾਰੇ ਜਾਣੂੰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਚੀ ਸੇਵਾ ਲੋੜਵੰਦਾਂ ਦੀ ਮਦਦ ਕਰਨਾ ਹੁੰਦੀ ਹੈ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਤੇ ਸਿੱਖਿਆ ਸੰਸਥਾਵਾਂ ਨੂੰ ਲੋਕ ਸੇਵਾਂ ਲਈ ਕਾਰਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਲੋੜਵੰਦਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ। ਇਸ ਲਈ ਕਿਸੇ ਨੂੰ ਪਿੱਛੇ ਨਹੀਂ ਹੱਟਣਾ ਚਾਹੀਦਾ ਹੈ।