ਲਾਹੌਰ, 8 ਮਾਰਚਪਾਕਿਸਤਾਨ ਦੇ ਅਤਿਵਾਦ ਰੋਕੂ ਵਿਭਾਗ (ਸੀਟੀਡੀ) ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਵੱਲੋਂ 10 ਅਤਿਵਾਦੀਆਂ ਦੀ ਗ੍ਰਿਫ਼ਤਾਰੀ ਨਾਲ ਵੱਡਾ ਅਤਿਵਾਦੀ ਹਮਲਾ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 10 ਅਤਿਵਾਦੀਆਂ ’ਚੋਂ ਦੋ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਸਬੰਧਤ ਹਨ। ਸੀਟੀਡੀ ਦੇ ਤਰਜਮਾਨ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚਲਾਈ ਗਈ ਮੁਹਿੰਮ ਦੌਰਾਨ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਟੀਟੀਪੀ ਦੇ ਦੋ ਖਤਰਨਾਕ ਅਤਿਵਾਦੀਆਂ ਨੂੰ ਖੁਸ਼ਾਬ ਅਤੇ ਰਾਵਲਪਿੰਡੀ ਤੋਂ ਧਮਾਕਾਖੇਜ਼ ਸਮੱਗਰੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਰਿਆਜ਼ ਅਤੇ ਰਾਸ਼ਿਦ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੀਟੀਡੀ ਪੰਜਾਬ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 73 ਅਪ੍ਰੇਸ਼ਨ ਚਲਾਏ, ਜਿਨ੍ਹਾਂ ਵਿੱਚ 10 ਅਤਿਵਾਦੀਆਂ ਨੂੰ ਹਥਿਆਰਾਂ ਅਤੇ ਧਮਾਕਾਖੇਜ਼ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਕੁੱਲ 2.69 ਕਿਲੋ ਧਮਾਕਾਖੇਜ਼ ਸਮੱਗਰੀ, 19 ਡੈਟੋਨੇਟਰ, 35 ਫੁੱਟ ਸੇਫਟੀ ਫਿਊਜ਼ ਤਾਰ, ਆਈਈਡੀ ਬੰਬ ਅਤੇ ਪਾਬੰਦੀਸ਼ੁਦਾ ਸਾਹਿਤ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਤਿਵਾਦੀਆਂ ਨੇ ਲਾਹੌਰ ਦੀਆਂ ਕੁੱਝ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। -ਪੀਟੀਆਈ