ਲੁਧਿਆਣਾ ਜ਼ਿਲ੍ਹੇ ’ਚ ਝੋਨੇ ਦੀ ਬਿਜਾਈ ਸ਼ੁਰੂ ਹੋਵੇਗੀ 9 ਜੂਨ ਤੋਂ: ਡਾ. ਗੁਰਦੀਪ
ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਅਪਰੈਲ
ਮੁੱਖ ਖੇਤੀਬਾੜੀ ਅਫ਼ਸਰ ਡਾ.ਗੁਰਦੀਪ ਸਿੰਘ ਨੇ ਅੱਜ ਇਥੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ ਸਬੰਧੀ ਪੰਜਾਬ ਨੂੰ ਤਿੰਨਾ ਭਾਗਾਂ ਵਿਚ ਵੰਡਿਆ ਗਿਆ ਹੈ ਜਿਸ ਅਨੁਸਾਰ ਲੁਧਿਆਣਾ ਜ਼ਿਲ੍ਹਾ ਨੂੰ ਤੀਜੇ ਜ਼ੋਨ ਵਿਚ ਰੱਖਿਆ ਗਿਆ ਹੈ। ਇਸ ਮੁਤਾਬਿਕ ਜ਼ਿਲ੍ਹੇ ਅੰਦਰ ਝੋਨੇ ਦੀ ਲਵਾਈ 9 ਜੂਨ ਤੋਂ ਆਰੰਭ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਬਿਜਾਈ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪ੍ਰਮਾਣਿਤ ਪੀਆਰ ਕਿਸਮਾਂ ਦੀ ਹੀ ਬਿਜਾਈ ਕਰਨ ਅਤੇ ਗੈਰ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਗੈਰ ਪ੍ਰਮਾਣਿਤ, ਗੈਰ ਸਿਫ਼ਾਰਿਸ਼ ਸੁੱਧਾ, ਪੂਸ਼ਾ 44 ਅਤੇ ਹਾਈਬ੍ਰਿਡ ਕਿਸਮਾਂ ਤੇ ਪੂਰਨ ਪਾਬੰਦੀ ਲਾਈ ਗਈ ਹੈ ਕਿਉਂਕਿ ਇਨ੍ਹਾਂ ਕਿਸਮਾਂ ਤੇ ਪਾਣੀ ਅਤੇ ਖਾਦਾਂ ਦੀ ਖਪਤ ਜ਼ਿਆਦਾ ਹੁੰਦੀ ਹੈ ਅਤੇ ਨਾਲ ਹੀ ਬਿਮਾਰੀਆਂ ਤੇ ਕੀੜਿਆਂ ਦਾ ਹਮਲਾ ਵੀ ਜ਼ਿਆਦਾ ਹੁੰਦਾ ਹੈ। ਜਿਸ ਨਾਲ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਜ਼ਿਆਦਾ ਵਰਤੋਂ ਕਾਰਨ ਪਰਾਲੀ ਨੂੰ ਸਾਂਭਣ ਸਮੇਂ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਡਾ.ਗੁਰਦੀਪ ਸਿੰਘ ਨੇ ਸਮੂਹ ਬੀਜ ਡੀਲਰਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਸਿਰਫ਼ ਪ੍ਰਮਾਣਿਤ ਕਿਸਮਾਂ ਦੀ ਵਿਕਰੀ ਕਰਨ ਜੇਕਰ ਕੋਈ ਵੀ ਡੀਲਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।