ਲੁਧਿਆਣਾ ਸਕ੍ਰੈਪ ਟ੍ਰੇਡਰਜ਼ ਐਸੋਸੀਏਸ਼ਨ ਵੱਲੋਂ ਅਕਾਲੀ ਦਲ ਦੇ ਸਮਰਥਨ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜੂਨ
ਲੁਧਿਆਣਾ ਸਕ੍ਰੈਪ ਟ੍ਰੇਡਰਜ ਐਸੋਸੀਏਸ਼ਨ ਵੱਲੋਂ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਮਦਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਖੁਰਾਣਾ ਅਤੇ ਚੇਅਰਮੈਨ ਜਰਨੈਲ ਸਿੰਘ ਖੇੜਾ ਦੀ ਅਗਵਾਈ ਹੇਠ ਇੱਕ ਵਫਦ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਇਹ ਐਲਾਨ ਕੀਤਾ।
ਇਸ ਮੌਕੇ ਵਪਾਰ ਨਾਲ ਜੁੜੀਆਂ ਮੁਸ਼ਕਿਲਾਂ ਅਤੇ ਪ੍ਰਸ਼ਾਸਨਿਕ ਚੁਣੌਤੀਆਂ ਬਾਰੇ ਵੀ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਉਦਯੋਗਿਕ ਸ਼ਹਿਰ ਹੋਣ ਦੇ ਬਾਵਜ਼ੂਦ ਵਪਾਰੀ ਵਰਗ ਨੂੰ ਆਏ ਦਿਨ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕਈ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਸੁਣਦਿਆਂ ਭਰੋਸਾ ਦਿੱਤਾ ਕਿ ਅਕਾਲੀ ਦਲ ਹਮੇਸ਼ਾਂ ਵਪਾਰੀ ਵਰਗ ਦੇ ਹੱਕਾਂ ਦੀ ਰੱਖਿਆ ਕਰਦਾ ਆਇਆ ਹੈ ਤੇ ਭਵਿੱਖ ਵਿੱਚ ਵੀ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਉਪਕਾਰ ਸਿੰਘ ਘੁੰਮਣ ਵਪਾਰੀ ਅਤੇ ਉਦਯੋਗਿਕ ਵਰਗ ਦੀਆਂ ਸਮੱਸਿਆਵਾਂ ਨੂੰ ਸਮਝਣ ਵਾਲੇ ਨੇਤਾ ਹਨ ਅਤੇ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੀ ਲੋੜ ਹੈ। ਇਸ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਵੀ ਹਾਜ਼ਰ ਸਨ।