ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਐੱਸ.ਏ.ਐੱਸ. ਨਗਰ (ਮੁਹਾਲੀ)(ਦਰਸ਼ਨ ਸਿੰਘ ਸੋਢੀ): ਗਰਮ ਹਵਾਵਾਂ ਅਤੇ ਤੇਜ਼ ਲੂ ਚੱਲਣ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਨੇ ਆਮ ਨਾਗਰਿਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿੱਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਅਗਾਊਂ ਢੁਕਵੇਂ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਲੂ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਲੂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ।
ਸਿਵਲ ਸਰਜਨ ਨੇ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।