ਲੇਬਰ ਪਾਰਟੀ ਦੇ ਵਫ਼ਦ ਵੱਲੋਂ ਏਡੀਸੀ ਨੂੰ ਮੰਗ ਪੱਤਰ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 30 ਜਨਵਰੀ
ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ, ਬੀਪੀਈਓ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਦੀ ਮੰਗ ਨੂੰ ਲੈ ਕੇ ਲੇਬਰ ਪਾਰਟੀ ਦਾ ਇਕ ਵਫ਼ਦ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲਿਆ ਤੇ ਮੁੱਖ ਸਕੱਤਰ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ। ਸ੍ਰੀ ਧੀਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਅਤੇ ਬੀਪੀਈਓ ਦੀਆਂ 80 ਫ਼ੀਸਦੀ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹੋਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲਾਨਾ ਪ੍ਰੀਖ਼ਿਆਵਾਂ ਸਿਰ ’ਤੇ ਹਨ ਪਰ ਜ਼ਿਆਦਾਤਰ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਅਧਿਆਪਕ ਨਹੀਂ ਹਨ। ਉਨ੍ਹਾਂ ਮੁੱਖ ਸਕੱਤਰ ਪੰਜਾਬ ਤੋਂ ਮੰਗ ਕੀਤੀ ਕਿ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ, ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਅਦਾਇਗੀ ਕੀਤੀ ਜਾਵੇ ਅਤੇ ਬੀਪੀਈਓ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ। ਇਸ ਮੌਕੇ ਸੁਰਜੀਤ ਕੁਮਾਰ, ਬਲਵੀਰ ਚੰਦ, ਤਰਲੋਕ ਸਿੰਘ, ਮਹਿੰਦਰ ਪਾਲ ਆਦਿ ਮੌਜੂਦ ਸਨ।