ਲੈਕਚਰਾਰਾਂ ਨੂੰ ਰਿਵਰਟ ਕਰਨ ਦੇ ਹੁਕਮ ਵਾਪਸ ਲੈਣ ਦੀ ਮੰਗ

ਨਿਜੀ ਪੱਤਰ ਪ੍ਰੇਰਕ
ਸੰਗਰੂਰ, 20 ਸਤੰਬਰ
ਅਦਾਲਤ ਦੇ ਹੁਕਮਾਂ ’ਤੇ ਪ੍ਰਮੋਟ ਹੋਣ ਵਾਲੇ ਜੌਗਰਫ਼ੀ ਲੈਕਚਰਾਰਾਂ ਨੂੰ ਸਿੱਖਿਆ ਵਿਭਾਗ ਵਲੋਂ ਰਿਵਰਟ ਕਰਨ ਦਾ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਨੂੰ ਪੰਜਾਬ ਸਰਕਾਰ ਦਾ ਨਾਦਰਸ਼ਾਹੀ ਫ਼ੈਸਲਾ ਦੱਸਦਿਆਂ ਜੌਗਰਫ਼ੀ ਲੈਕਚਰਾਰਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਤਰੱਕੀ ਦੇ ਨਾਮ ਹੇਠ ਜੌਗਰਫ਼ੀ ਵਿਸ਼ੇ ਦੀ ਜਿਹੜੀ ਸੂਚੀ ਜਾਰੀ ਕੀਤੀ ਹੈ ਉਸ ਵਿਚ ਜੌਗਰਫ਼ੀ ਲੈਕਚਰਾਰਾਂ ਸਰਾਸਰ ਬੇਇਨਸਾਫ਼ੀ ਕੀਤੀ ਗਈ ਹੈ। ਸਰਕਾਰ ਨੇ ਜੌਗਰਫੀ ਲੈਕਚਰਾਰਾਂ ਦੀਆਂ ਨਵੀਆਂ ਤਰੱਕੀਆਂ ਮਾਸਟਰ ਕੇਡਰ ਵਿਚੋਂ ਤਾਂ ਕੀ ਕਰਨੀਆਂ ਸੀ ਉਲਟਾ ਵੱਡੀ ਗਿਣਤੀ ਵਿਚ ਪਹਿਲਾਂ 2008, 2012 ਅਤੇ 2016 ਵਿਚ ਹਾਈ ਕੋਰਟ ਦੇ ਹੁਕਮਾਂ ’ਤੇ ਪ੍ਰਮੋਟ ਹੋਏ ਜੌਗਰਫ਼ੀ ਲੈਕਚਰਾਰਾਂ ਨੂੰ ਰਿਵਰਟ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਧੱਕੇਸ਼ਾਹੀ ਤੇ ਨਾਦਰਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਯੂਨੀਅਨ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸ੍ਰੀ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਮੰਗ ਕੀਤੀ ਕਿ ਲੈਕਚਰਾਰਾਂ ਨੂੰ ਰਿਵਰਟ ਕਰਨ ਦੇ ਹੁਕਮ ਤੁਰੰਤ ਵਾਪਸ ਲਏ ਜਾਣ ਅਤੇ 150 ਖ਼ਾਲੀ ਅਸਾਮੀਆਂ ਲੈਫਟ ਆਊਟ ਕੇਸਾਂ ਰਾਹੀਂ ਭਰੀਆਂ ਜਾਣ।

 

Tags :