ਲੋਕ ਇਨਸਾਫ਼ ਪਾਰਟੀ ਨੇ ਕੈਪਟਨ ਦਾ ਪੁਤਲਾ ਸਾੜਿਆ

ਪੱਤਰ ਪ੍ਰੇਰਕ
ਸੰਗਰੂਰ, 10 ਸਤੰਬਰ

ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਵਰਕਰ।

ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਕੌਮੀ ਪ੍ਰਧਾਨ ਤਲਵਿੰਦਰ ਸਿੰਘ ਮਾਨ ਅਤੇ ਸੂਬਾ ਜਨਰਲ ਸਕੱਤਰ ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਵਿਚ ਪਾਰਟੀ ਆਗੂਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁੱਤਲਾ ਸਾੜਿਆ ਗਿਆ। ਇਸ ਮੌਕੇ ਪਾਰਟੀ ਦੇ ਕੌਮੀ ਯੂਥ ਪ੍ਰਧਾਨ ਸ੍ਰੀ ਮਾਨ ਨੇ ਕਿਹਾ ਕਿ ਬਟਾਲਾ ਵਿੱਚ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਦੇ ਪੀੜਤਾਂ ਦੇ ਹੱਕ ਵਿਚ ਖੜ੍ਹਨ ਵਾਲੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਚਾ ਦਰਜ ਕਰਵਾਉਣਾ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਬਟਾਲਾ ਫ਼ੈਕਟਰੀ ਵਿਚ ਹੋਏ ਹਾਦਸੇ ਦੇ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਹਨ ਅਤੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਇਸ ਹਾਦਸੇ ਦੇ ਜ਼ਿੰਮੇਵਾਰ ਅਧਿਕਾਰੀਆਂ ’ਤੇ ਕੇਸ ਦਰਜ ਕਰਵਾਉਣ ਦੀ ਬਜਾਏ ਲੋਕਾਂ ਦੇ ਹੱਕ ਲਈ ਖੜ੍ਹਨ ਵਾਲੇ ਵਿਧਾਇਕ ’ਤੇ ਪਰਚਾ ਦਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਬੈਂਸ ਸਿਟੀ ਸੈਂਟਰ ਘੁਟਾਲੇ ਦੇ ਕੇਸ ਦੀ ਪੈਰਵਾਈ ਕਰ ਰਹੇ ਹਨ ਜਿਸ ਕਾਰਨ ਸੂਬਾ ਮੁੱਖ ਮੰਤਰੀ ਨੇ ਬਦਲਾਖੋਰੀ ਦੀ ਰਣਨੀਤੀ ਤਹਿਤ ਇਹ ਸਾਜਿਸ਼ ਕੀਤੀ ਹੈ। ਇਸ ਮੌਕੇ ਅਮਰਿੰਦਰ ਸਿੰਘ ਚੌਂਦਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਗੁਰਸੇਵਕ ਸਿੰਘ ਗੁਆਰਾ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਸਿੰਘ ਰਿਸ਼ੀ ਪ੍ਰਧਾਨ ਮਾਲਵਾ ਜੌਨ-2, ਨਿਰਭੈ ਸਿੰਘ ਨਾਰੀਕੇ ਸਾਬਕਾ ਸਰਪੰਚ, ਮਨਪ੍ਰੀਤ ਸਿੰਘ ਨੰਗਲ, ਕਮਲਵੀਰ ਭੂਮੀ ਸਰਕਲ ਪ੍ਰਧਾਨ ਮੌਜੂਦ ਸਨ।