ਸੋਨੀਆ ਦਾ ਚੰਡੀਗੜ੍ਹ ਹਵਾਈ ਅੱਡੇ ’ਤੇ ਸਵਾਗਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੂਨ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਅੱਜ ਕਾਂਗਰਸ ਪਾਰਟੀ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਦਾ ਚੰਡੀਗੜ੍ਹ ਏਅਰਪੋਰਟ ਪਹੁੰਚਣ ’ਤੇ ਸਵਾਗਤ ਕੀਤਾ। ਇਸ ਦੌਰਾਨ ਐੱਚਐੱਸ ਲੱਕੀ ਨੇ ਸੋਨੀਆ ਗਾਂਧੀ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਤੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਸ੍ਰੀ ਲੱਕੀ ਨੇ ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਨੂੰ ਚੰਡੀਗੜ੍ਹ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਕਾਂਗਰਸ ਨੇ ਲੋਕ ਸਭਾ ਚੋਣਾਂ ਦੌਰਾਨ 10 ਸਾਲਾਂ ਬਾਅਦ ਚੰਡੀਗੜ੍ਹ ਸੀਟ ਜਿੱਤ ਕੇ ਵਾਪਸੀ ਕੀਤੀ ਹੈ। ਇਸੇ ਤਰ੍ਹਾਂ ਨਗਰ ਨਿਗਮ ਵਿੱਚ ਵੀ 12 ਸਾਲ ਬਾਅਦ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ’ਤੇ ਕਾਂਗਰਸ ਕਾਬਜ਼ ਹੋਈ ਹੈ। ਇਸ ਮੌਕੇ ਲੱਕੀ ਨੇ ਸੋਨੀਆ ਗਾਂਧੀ ਨੂੰ ਚੰਡੀਗੜ੍ਹ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਸੋਨੀਆ ਗਾਂਧੀ ਨੇ ਸ੍ਰੀ ਲੱਕੀ ਨੂੰ ਚੰਡੀਗੜ੍ਹ ਦੀਆਂ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਕੋਲ ਚੁੱਕਣ ਦੇ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦਾ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਵਿੱਚ ਸਨ, ਉਨ੍ਹਾਂ ਦੀ ਸਿਹਤ ਵਿਗੜਨ ਕਰਕੇ ਅੱਜ ਉਹ ਦਿੱਲੀ ਜਾ ਰਹੇ ਸਨ। ਇਸੇ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਚੰਡੀਗੜ੍ਹ ਏਅਰਪੋਰਟ ’ਤੇ ਉਨ੍ਹਾਂ ਦੇ ਨਾਲ ਮੁਲਾਕਾਤ ਕੀਤੀ ਹੈ।